ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦਾ ਖਾਤਮਾ ਵੱਡੇ ਪੱਧਰ ਉੱਤੇ ਜਾਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਘਨੌਰੀ ਕਲਾਂ, ਘਨੌਰੀ ਅਤੇ ਕਾਤਰੋਂ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ, ਅਤੇ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਫੜਿਆ ਗਿਆ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ।
ਸ. ਢਿੱਲੋਂ ਨੇ ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।
ਸ. ਢਿੱਲੋਂ ਨੇ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ , ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।
ਇਸ ਮੌਕੇ ਰਸ਼ਪਾਲ ਸਿੰਘ ਹਲਕਾ ਕੋਆਰਡੀਨੇਟਰ, ਸੁਰਜੀਤ ਸਿੰਘ ਰੱਜੋਮਾਜਰਾ, ਸਮੇਤ ਪਿੰਡਾਂ ਦੇ ਪੰਚ ਸਰਪੰਚ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।