ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਹਲਕਾ ਕੇਦਰੀ ਵਿਖੇ ਪਿੰਡ ਮੂਲੇ ਚੱਕ,ਕੀਰਤਨਗੜ੍ਹ ਅਤੇ ਪਿੰਡ ਥਾਂਦੇ ਵਿਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹਾਂ ਉੱਤੇ ਲੈ ਕੇ ਆਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਵਲੋ ਸੂਬਾ ਵਾਸੀਆਂ ਲਈ ਹੈਲਪਲਾਈਨ ਨੰ: 98236-00007 ਜਾਰੀ ਕੀਤਾ ਗਿਆ ਹੈ। ਵਿਧਾਇਕ ਗੁਪਤਾ ਨੇ ਕਿਹਾ ਕਿ ਇਸ ਨੰਬਰ ਤੇ ਕੋਈ ਵਿਅਕਤੀ ਨਸ਼ਾ ਵੇਚਣ ਵਾਲੇ ਜਾਂ ਖਰੀਦਣ ਵਾਲੇ ਦੀ ਸੂਚਨਾ ਦੇ ਸਕਦਾ ਹੈ ,ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਹਲਕਾ ਦੱਖਣੀ ਵਿਖੇ ਵਾਰਡ ਨੰ: 50 ਵਿਖੇ ਵਾਲਮੀਕਿ ਮੰਦਰ ਗਿਲਵਾਲੀ ਗੇਟ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਨਸ਼ਾ ਮੁਕਤ ਕਰ਼ਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਦਲਦਲ ਵਿਚ ਨਾ ਫੱਸਣ ਦੇਈਏ। ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੋਜ਼ਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।
ਹਲਕਾ ਪੂਰਬੀ ਵਿਖੇ ਵਾਰਡ ਨੰ: 32,33,34 ਅਤੇ 35 ਅਧੀਨ ਪੈਦੇ ਇਲਾਕੇ ਡਰੰਮਾਂ ਵਾਲਾ ਬਾਜ਼ਾਰ, ਕਰਨਲ ਕਲੋਨੀ ਪਾਰਕ, ਭਾਈ ਲਾਲੋ ਜੀ ਨਗਰ ਅਤੇ ਪਿੰਡ ਖਾਨਕੋਟ ਗਾਰਡਨ ਇਨਕਲੇਵ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹੱਸਦਾ, ਵੱਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਰ ਰੋਜ਼ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।