ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਸੇ ਤਰ੍ਹਾਂ ਜੇਕਰ ਅਸੀਂ ਸਾਂਝਾ ਹੰਭਲਾ ਮਾਰਾਂਗੇ ਤਾਂ ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰ ਸਕਾਂਗੇ। ਇਹ ਪ੍ਰਗਟਾਵਾ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਿੰਡ ਕੱਟੂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਓਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮਨਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ 'ਤੇ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।
ਇਸ ਮੌਕੇ ਐੱਸ ਐਮ ਓ ਧਨੌਲਾ ਸਤਵੰਤ ਸਿੰਘ ਔਜਲਾ, ਬੀ ਡੀ ਪੀ ਓ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ, ਬੀ ਈ ਈ ਬਲਰਾਜ ਸਿੰਘ, ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਸਰਪੰਚ ਰਾਜਗੜ੍ਹ ਬਲਜੀਤ ਕੌਰ, ਸਰਪੰਚ ਕੱਟੂ ਕਰਨੈਲ ਸਿੰਘ, ਸਰਪੰਚ ਜਤਿੰਦਰ ਸਿੰਘ ਭੈਣੀ ਮਹਿਰਾਜ ਤੇ ਹੋਰ ਮੋਹਤਬਰ ਹਾਜ਼ਰ ਸਨ।