ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਪਿੰਡਾਂ ਵਿਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਤੇ ਜਾਗਰੂਕਤਾ ਇਕੱਠ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਤਹਿਤ ਬਰਨਾਲਾ ਹਲਕੇ ਦੇ ਪਿੰਡ ਨੰਗਲ, ਠੁੱਲੇਵਾਲ ਤੇ ਸੰਘੇੜਾ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ ਕਰਾਏ ਗਏ, ਜਿਸ ਵਿਚ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡਾਂ ਦੇ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਪ੍ਰਣ ਵੀ ਦਿਵਾਇਆ। ਸੰਘੇੜਾ ਵਿੱਚ ਸੰਬੋਧਨ ਕਰਦੇ ਹੋਏ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜ਼ਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਬੀ ਡੀ ਪੀ ਓ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ, ਐੱਸ ਐਮ ਓ ਧਨੌਲਾ ਸਤਵੰਤ ਸਿੰਘ ਔਜਲਾ, ਬੀ ਈ ਈ ਬਲਰਾਜ ਸਿੰਘ, ਕਾਰਜਸਾਧਕ ਅਫ਼ਸਰ ਸ੍ਰੀ ਵਿਸ਼ਾਲਦੀਪ, ਬਲਾਕ ਪ੍ਰਧਾਨ ਮਲਕੀਤ ਸਿੰਘ ਸੰਘੇੜਾ, ਜਸਵਿੰਦਰ ਸਿੰਘ ਸੰਘੇੜਾ ਮਲਕੀਤ ਔਲਖ, ਨੰਗਲ ਤੋਂ ਸਰਪੰਚ ਗੁਰਪ੍ਰੀਤ ਸਿੰਘ, ਠੁੱਲੀਵਾਲ ਸਰਪੰਚ ਧਰਮ ਸਿੰਘ ਤੇ ਹੋਰ ਮੋਹਤਬਰ ਹਾਜ਼ਰ ਸਨ।