ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ ਚਤਾਮਲਾ ਅਤੇ ਚਤਾਮਲੀ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਦਿਆ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ 'ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ।
ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਬੀਡੀਪੀਓ ਹਰਕੀਤ ਸਿੰਘ, ਐੱਸਐੱਚਓ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।