ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸ. ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ ਵਿਖੇ ਹੋਈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਸਪੀਕਰ ਦੇ ਨੁੰਮਾਇੰਦੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਮੀਟਿੰਗ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ, ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਸਥਾਰ ਚਰਚਾ ਹੋਈ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਹੁੰਚਣ ਤੇ ਮਾਨਯੋਗ ਮੈਂਬਰ ਲੋਕ ਸਭਾ, ਵਿਧਾਇਕ ਸਹਿਬਾਨ ਤੇ ਹੋਰ ਪਤਵੰਤਿਆਂ ਨੂੰ ਜੀ ਆਇਆ ਕਿਹਾ ਤੇ ਯਕੀਨ ਦਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਅਤੇ ਇਸ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਦੇਰੀ ਜਾਂ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਗਨਰੇਗਾ ਵਿੱਚ ਵਧੀਆ ਕੰਮ ਕਰਕੇ ਫਰੀਦਕੋਟ ਜਿਲ੍ਹੇ ਨੇ ਰਾਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਐਮ.ਪੀ. ਸ. ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ ਸਹੀ ਲੋਕਾਂ ਤੱਕ ਲਾਭ ਦੇਣ ਤੇ ਇਸ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਪੰਚਾਇਤਾਂ ਤੇ ਹੋਰ ਲੋਕ ਨੁਮਾਇੰਦਿਆਂ ਤੇ ਜਾਗੂਰਕਤਾ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਕੀਮਾਂ ਨੂੰ ਹੋਰ ਜਿਆਦਾ ਲੋਕਾਂ ਤੱਕ ਪਹੁੰਚਾਉਣ ਤੇ ਸੁਧਾਰ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨਗੇ। ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ., ਮਿਡ ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਮੱਗਰਾ ਸਿੱਖਿਆ ਅਭਿਆਨ, ਐਮ.ਪੀ.ਲੈਂਡ ਸਕੀਮ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਵੱਖ ਵੱਖ ਮੁੱਦਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ ਤੇ ਕਿਹਾ ਕਿ ਕੇਂਦਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਦੇਣ ਲਈ ਇਨ੍ਹਾਂ ਸਬੰਧੀ ਅਪਲਾਈ ਕਰਨ ਨੂੰ ਹੋਰ ਸੁਖਾਲਾਂ ਬਣਾਇਆ ਜਾਵੇ ਤੇ ਇਨ੍ਹਾਂ ਦਾ ਲਾਭ ਮਿੱਥੇ ਸਮੇਂ ਤੇ ਲਾਭਪਾਤਰੀਆਂ ਨੂੰ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਦਲੇਰ ਸਿੰਘ ਡੋਡ ਪੀ.ਏ. ਐਮ.ਪੀ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਜਗਸੀਰ ਸਿੰਘ ਗਿੱਲ, ਸਿਵਜੀਤ ਸਿੰਘ ਸੰਘਾ, ਗੈਰੀ ਵੜਿੰਗ ਜਗਦੇਵ ਸਿੰਘ ਫਰੀਦਕੋਟ, ਗੁਰਜੰਟ ਸਿੰਘ ਧੌਂਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।