ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਹਲਕਾ ਵਾਸੀਆਂ ਦੇ ਭਰਵੇ਼ ਸਹਿਯੋਗ ਸਦਕਾ ਹੀ ਇਸ ਮਹੱਤਵਪੂਰਨ ਕਾਰਜ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ।ਰਾਏਪੁਰ ਅਰਾਈਆਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ ਦਾ ਸੰਦੇਸ਼ ਘਰ ਘਰ ਪਹੁੰਚਾਉਣ ਵਿੱਚ ਜ਼ਮੀਨੀ ਪੱਧਰ 'ਤੇ ਸਫ਼ਲਤਾ ਹਾਸਲ ਹੋਈ ਹੈ ਅਤੇ ਲੋਕ ਆਪ ਮੁਹਾਰੇ ਇਸ ਘਾਤਕ ਸਮਾਜਿਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ।
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਲੋਕਾਂ ਤੋਂ ਨਿਰੰਤਰ ਮਿਲ ਰਹੀ ਫੀਡਬੈਕ ਸਦਕਾ ਕਈ ਮੁਹੱਲਿਆਂ, ਵਾਰਡਾਂ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਦੇ ਹੋਏ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ ਅਤੇ ਇਹ ਮੁਹਿੰਮ ਨਿਰੰਤਰ ਜਾਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਰੋਜ਼ਾਨਾ ਦੇ ਅਧਾਰ ਤੇ ਹੋ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੇ ਵੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਅਜਿਹੀਆਂ ਜਨ ਸਭਾਵਾਂ ਵਿੱਚ ਆਮ ਲੋਕ ਵੀ ਵਧ ਚੜ੍ਹ ਕੇ ਸ਼ਾਮਲ ਹੁੰਦੇ ਹਨ ਜਿਸ ਨਾਲ ਪੁਲਿਸ ਤੇ ਪ੍ਰਸਾ਼ਸਨ ਨਾਲ ਸਿੱਧੇ ਤੌਰ ਤੇ ਲੋਕਾਂ ਦਾ ਤਾਲਮੇਲ ਵਧਿਆ ਹੈ।
ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ਼ ਆਵਾਜ਼ ਬੁਲੰਦ ਰੱਖਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।