ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੇ ਨਸ਼ਾ ਮੁਕਤੀ ਅਭਿਆਨ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬੀਤੇ ਦਿਨ ਅਟਾਰੀ ਹਲਕੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਤਹਿਤ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸ ਮੌਕੇ ਪਿੰਡ ਦੇ ਵਸਨੀਕਾਂ ਅਤੇ ਸਾਥੀਆਂ ਨੇ ਇਕਜੁੱਟ ਹੋ ਕੇ ਇਹ ਸਹੁੰ ਚੁੱਕੀ ਕਿ ਨਾ ਤਾਂ ਅਸੀਂ ਖੁਦ ਨਸ਼ਿਆਂ ਦਾ ਸੇਵਨ ਕਰਾਂਗੇ ਅਤੇ ਨਾ ਹੀ ਕਿਸੇ ਹੋਰ ਨੂੰ ਨਸ਼ੇ ਦੀ ਲੱਤ ਪੈਣ ਦੇਵਾਂਗੇ।
ਵਿਧਾਇਕ ਰਮਦਾਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਸਮਾਜ ਲਈ ਸਭ ਤੋਂ ਵੱਡੀ ਬੁਰਾਈ ਹੈ ਜਿਸ ਨੇ ਪਰਿਵਾਰਾਂ, ਸਮਾਜ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਤਬਾਹੀ ਦੇ ਕੰਢੇ ’ਤੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲੀ ਤਾਕਤ ਸਾਡੇ ਜਵਾਨ ਹਨ, ਅਤੇ ਜੇ ਜਵਾਨੀ ਨੂੰ ਬਚਾਉਣਾ ਹੈ ਤਾਂ ਨਸ਼ਿਆਂ ਖ਼ਿਲਾਫ਼ ਲੜਾਈ ਲੜਨੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇੱਕ ਪਰਿਵਾਰ, ਮੁਹੱਲਾ ਅਤੇ ਪਿੰਡ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਅਤੇ ਜਾਗਰੂਕਤਾ ਫੈਲਾਉਣ ਨਾਲ ਹੀ ਨਸ਼ੇ ਦੀ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ “ਰੰਗਲੇ ਪੰਜਾਬ” ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਦਿਨ ਰਾਤ ਲੋਕਾਂ ਦੀ ਸੇਵਾ ਕਰ ਰਹੀ ਹੈ। ਅੰਤ ਵਿੱਚ ਵਿਧਾਇਕ ਜਸਵਿੰਦਰ ਸਿੰਘ ਰਾਮਦਾਸ ਨੇ ਸਾਰੇ ਸਹਿਯੋਗੀਆਂ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਨਸ਼ਾ ਵਿਰੋਧੀ ਜਾਗਰੂਕਤਾ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ।