ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2025 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਤਰਨਤਾਰਨ ਤੋ ਅੰਮ੍ਰਿਤਸਰ ਪਹੁੰਚਣ ‘ਤੇ ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਵਿਧਾਇਕ ਅਟਾਰੀ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ ਅਤੇ ਸ਼ਰੀਰ ਨੂੰ ਵੀ ਸਵੱਸਥ ਰੱਖਦੀਆਂ ਹਨ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2025 ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ 3 ਸਤੰਬਰ 2025 ਤੋਂ 23 ਨਵੰਬਰ 2025 ਤੱਕ ਖੇਡਾਂ ਵਤਨ ਪੰਜਾਬ ਦੀਆਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਹੋ ਰਹੀਆਂ ਹਨ ਅਤੇ ਇਸਦਾ ਉਦਘਾਟਨ 29 ਅਗਸਤ 2025 ਨੂੰ ਜਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ: ਸਿਮਰਨਜੀਤ ਸਿੰਘ , ਡੀ.ਐਸ.ਪੀ. ਟਰੈਫਿਕ ਸ੍ਰੀ ਪਵਨ ਕੁਮਾਰ, ਤੋਂ ਇਲਾਵਾ ਜ਼ਿਲ੍ਹੇ ਦੇ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।