ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿੱਥੇ ਵਿਕਾਸ ਪ੍ਰੋਜੈਕਟਾਂ ਤੋਂ ਇਲਾਵਾ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਤੋਂ ਇਲਾਵਾ ਜੋਨ-ਸੀ ਨਾਲ ਸਬੰਧਤ ਸਮੂਹ ਐਸ.ਸੀ., ਐਕਸੀਐਨ, ਐਸ ਡੀ ਓ, ਜੇ.ਈ. ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਖੁਸ਼ਹਾਲ ਬਣਾਉਣ ਦੇ ਮੰਤਵ ਨਾਲ ਨਿਰੰਤਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਜਾ ਰਹੀ ਹੈ। ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਹਲਕਾ ਵਿਧਾਇਕਾਂ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦਫ਼ਤਰ ਨਗਰ ਨਿਗਮ ਕਮਿਸ਼ਨਰ ਜੋਨ-ਏ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵਿਧਾਇਕ ਛੀਨਾ ਵੱਲੋ ਹਲਕਾ ਲੁਧਿਆਣਾ ਦੱਖਣੀ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਲੋੜੀਂਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ । ਇਸ ਤੋਂ ਇਲਾਵਾ ਆਗਾਮੀ ਵਿਕਾਸ ਕਾਰਜਾਂ ਨੂੰ ਵੀ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ 'ਤੇ ਵੀ ਜੋਰ ਦਿੱਤਾ। ਉਨ੍ਹਾਂ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।