ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਜ਼ੀਰਕਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਪ੍ਰਸ਼ਾਸਨ, ਐਸ.ਪੀ. ਤੇ ਐਸ.ਐਚ.ਓ. ਜ਼ੀਰਕਪੁਰ ਅਤੇ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ।
ਵਿਧਾਇਕ ਨੇ ਕਿਹਾ ਕਿ ਹਾਲੀਆ ਭਾਰੀ ਬਰਸਾਤਾਂ ਕਾਰਨ ਸ਼ਹਿਰ ਦੀਆਂ ਕਈ ਗਲੀਆਂ ਖਰਾਬ ਹੋਈਆਂ ਹਨ, ਪੇਵਰ ਬਲਾਕ ਉਖੜ ਗਏ ਹਨ ਅਤੇ ਸੀਵਰੇਜ ਪ੍ਰਣਾਲੀ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮਿਉਂਸੀਪਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਪ੍ਰਭਾਵਿਤ ਕਾਰਜਾਂ ਦੀ ਤੁਰੰਤ ਰਿਪੇਅਰ ਕੀਤੀ ਜਾਵੇ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਤੇਜ਼ੀ ਨਾਲ ਪੂਰਾ ਕੀਤਾ ਜਾਵੇ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਸ਼ਹਿਰ ਵਿੱਚ ਹੋਏ ਨੁਕਸਾਨ ਦੀ ਜਲਦ ਮੁਰੰਮਤ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਹਰ ਕਾਰਜ ਮਿਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਹਲਕੇ ਵਿੱਚ ਸ਼ਹਿਰਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਉਪਰਾਲੇ ਕਰ ਰਹੇ ਹਨ।
ਕਾਨੂੰਨ ਤੇ ਵਿਵਸਥਾ ਦੇ ਸਬੰਧ ਵਿੱਚ ੳਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਅੰਦਰ ਸੁਰੱਖਿਆ ਨੂੰ ਲੈ ਕੇ ਸਖ਼ਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਜਿਨ੍ਹਾਂ ਥਾਵਾਂ ‘ਤੇ ਸੜਕੀ ਆਵਾਜਾਈ ਵਧੇਰੇ ਹੈ, ਉਸ ਜਗ੍ਹਾ ਆਵਾਜਾਈ ਨੂੰ ਕੰਟਰੋਲ ਕਰਨ ਲਈ ਰੋਡ ਮੈਪ ਬਣਾ ਕੇ ਆਵਾਜਾਈ ਤਬਦੀਲ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਸੜਕੀ ਜਾਮ ਜਾਂ ਹਾਦਸੇ ਤੋਂ ਬਚਿਆ ਜਾ ਸਕੇ।
ਓਵਰ ਸਪੀਡ ਵਾਹਨ ਅਤੇ ਜੈਬਰਾ ਕਰਾਸਿੰਗ ਕਰਨ ਵਾਲਿਆਂ ਦੇ ਮੌਕੇ ‘ਤੇ ਚਲਾਨ ਕੀਤੇ ਜਾਣ ਅਤੇ ਸ਼ੱਕੀ ਵਾਹਨਾਂ ਦੀ ਨਾਕਿਆਂ ਦੌਰਾਨ ਚੈਕਿੰਗ ਕੀਤੀ ਜਾਵੇ।