ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਸੰਧੂ ਐਨਕਲੇਵ ਏ-ਬਲਾਕ, ਪੰਚਾਇਤ ਨੌਸ਼ਹਿਰਾ ਖੁਰਦ ਵਿੱਚ ਬਣੇ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਥਾਨਕ ਲੋਕਾਂ ਦੀ ਮੰਗ 'ਤੇ ਉਨ੍ਹਾਂ ਨੇ ਇਸ ਪਾਰਕ ਨੂੰ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਨ੍ਹਾਂ ਆਪਣਾ ਵਾਅਦਾ ਪੂਰਾ ਕੀਤਾ ਹੈ।
ਰਿੰਟੂ ਨੇ ਅੱਗੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਰੋਜ਼ ਉੱਤਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਦੇ ਹਨ। ਰਿੰਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੜਕ ਨਿਰਮਾਣ ਅਤੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਵਿੱਚ ਬਾਕੀ ਵਿਕਾਸ ਕਾਰਜ ਵੀ ਜਲਦੀ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੰਦਰ ਪ੍ਰਕਾਸ਼, ਵਿਸ਼ਾਖਾ ਸਿੰਘ, ਗੁਰਪ੍ਰੀਤ ਕਟਾਰੀਆ, ਰਹੀਲ ਖੰਨਾ, ਡਾ. ਆਦਿਤਿਆ ਭਗਤ, ਕੁਲਦੀਪ ਸ਼ਰਮਾ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਸਮੇਤ ਇਲਾਕੇ ਦੇ ਹੋਰ ਪ੍ਰਮੁੱਖ ਲੋਕ ਮੌਜੂਦ ਸਨ।