ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੰਮੂ ਅਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਸ਼੍ਰੀ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ, ਚੀਫ ਆਫ ਆਰਮੀ ਸਟਾਫ, ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫਜ਼) ਦੇ ਡਾਇਰੈਕਟਰ ਜਨਰਲ ਅਤੇ ਭਾਰਤ ਸਰਕਾਰ, ਫੌਜ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਤਵਾਦ-ਮੁਕਤ ਜੰਮੂ-ਕਸ਼ਮੀਰ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਮੋਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਦੇ ਠੋਸ ਯਤਨਾਂ ਸਦਕਾ, ਜੰਮੂ-ਕਸ਼ਮੀਰ ਵਿੱਚ ਦੇਸ਼ ਦੇ ਦੁਸ਼ਮਣਾਂ ਦੁਆਰਾ ਪੋਸ਼ਿਤ ਅੱਤਵਾਦੀ ਨੈੱਟਵਰਕ ਲਗਭਗ ਖਤਮ ਹੋ ਗਿਆ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਸੁਰੱਖਿਆ ਬਲਾਂ ਨੂੰ ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਖਤਰਾ ਪਹੁੰਚਾਉਣ ਦੇ ਕਿਸੇ ਵੀ ਯਤਨ ਨੂੰ ਨਾਕਾਮ ਕਰਨ ਦੀ ਪੂਰੀ ਆਜ਼ਾਦੀ ਹੈ। ਸ਼੍ਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੁਆਰਾ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਸਦਕਾ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਦ੍ਰਿਸ਼ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਸਾਰੀਆਂ ਸੁਰੱਖਿਆ ਏਜੰਸੀਆਂ ਦੁਆਰਾ ਚੌਕਸ ਰਹਿੰਦੇ ਹੋਏ ਤਾਲਮੇਲ ਵਾਲੇ ਤਰੀਕੇ ਨਾਲ ਕੰਮ ਕਰਨ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਸਰਦੀਆਂ ਨੇੜੇ ਆ ਰਹੀਆਂ ਹਨ, ਅੱਤਵਾਦੀ ਬਰਫ਼ਬਾਰੀ ਦਾ ਫਾਇਦਾ ਚੁੱਕ ਕੇ ਘੁਸਪੈਠ ਨਾ ਕਰ ਪਾਉਣ, ਇਸ ਦੇ ਲਈ ਸਾਡੇ ਸੁਰੱਖਿਆ ਬਲ ਹਰ ਤਰ੍ਹਾਂ ਨਾਲ ਤਿਆਰ ਰਹਿਣ।