ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਸ਼ਹਿਰ ਦੀ ਪ੍ਰਮੁੱਖ ਸੜਕ ਮਜੀਠਾ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮਜੀਠਾ ਰੋਡ ਅੰਮ੍ਰਿਤਸਰ ਸ਼ਹਿਰ ਦੀਆਂ ਮੁੱਖ ਸੜਕਾਂ ਵਿੱਚੋਂ ਇੱਕ ਹੈ, ਜਿਸ ਨਾਲ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਬਹੁਤ ਸੁਵਿਧਾ ਮਿਲੇਗੀ।
ਇਸ ਨਾਲ ਵਪਾਰੀਆਂ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਹਰ ਇਲਾਕੇ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਹੱਲ ਵੀ ਤੁਰੰਤ ਕੀਤਾ ਜਾ ਰਿਹਾ ਹੈ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਵਿੱਚ ਬਾਕੀ ਰਹਿ ਗਏ ਕਾਰਜਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਜਲਦ ਹੀ ਸ਼ੁਰੂ ਹੋਣਗੇ।
ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਅਧੂਰੀ ਪਈਆਂ ਸੜਕਾਂ ਨੂੰ ਪ੍ਰੀਮਿਕਸ ਨਾਲ ਪੱਕਾ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਇੱਕ ਮਹੀਨੇ ਤੱਕ ਇਹ ਕਾਰਜ ਜਾਰੀ ਰਹੇਗਾ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ “ਰੰਗਲਾ ਪੰਜਾਬ ਯੋਜਨਾ” ਦੇ ਤਹਿਤ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਗ੍ਰਾਂਟ ਵਜੋਂ ਜਾਰੀ ਕੀਤੇ ਗਏ ਹਨ, ਜਿਸ ਲਈ ਉਹ ਆਮ ਆਦਮੀ ਪਾਰਟੀ ਦੇ ਕੰਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ।
ਉਨ੍ਹਾਂ ਦੱਸਿਆ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਮਨਜ਼ੂਰੀ ਪਹਿਲਾਂ ਹੀ ਮਿਲ ਚੁੱਕੀ ਹੈ, ਜਿਸ ਨਾਲ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ।
ਇਸ ਮੌਕੇ ਸਿੰਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਵਿਸਾਖਾ ਸਿੰਘ, ਬਲਵਿੰਦਰ ਸਿੰਘ ਕਾਲਾ, ਸਾਹਿਲ ਸਾਗਰ, ਅਜੈ ਗਿੱਲ, ਰਾਹਿਲ ਖੰਨਾ, ਅੰਕੁਰ ਗੁਪਤਾ, ਸਵਿੰਦਰ ਸ਼ਿੰਦੀ, ਹੈਪੀ ਸਰਪੰਚ, ਰਣਜੀਤ ਸਿੰਘ ਰਾਣਾ, ਨਵਦੀਪ ਸਿੰਘ, ਪ੍ਰਿਯੰਕਾ ਅਗਰਵਾਲ, ਸ਼ੈਲਾ, ਕੁਲਵਿੰਦਰ ਸਿੰਘ ਕਿੰਦੀ, ਭਗਵੰਤ ਸਿੰਘ, ਬੁੱਧ ਸਿੰਘ ਆਦਿ ਹਾਜ਼ਰ ਸਨ।