‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ ਤੇ ਜਾਗਰੂਕਤਾ ਸਰਗਰਮੀਆਂ ਜਾਰੀ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਉੱਚ-ਜੋਖਮ ਖੇਤਰਾਂ ਵਿਚ ਕੰਟੇਨਰ ਸਰਵੇ ਕੀਤਾ। ਡਾ. ਜੈਨ ਨੇ ਬਲੌਂਗੀ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਅਤੇ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਵਧੇਰੇ ਚੌਕਸੀ ਦੀ ਲੋੜ ਹੁੰਦੀ ਹੈ ਕਿਉਂਕਿ ਡੇਂਗੂ ਬੁਖ਼ਾਰ ਆਮ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ-ਲੋੜੀਂਦਾ ਹੈ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰੑਸ਼ੋਰ ਨਾਲ ਚੱਲ ਰਹੀ ਹੈ।
ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।
ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ।
ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਤੇ ਹੋਰ ਅਧਿਕਾਰੀ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।