ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦਿੰਦਿਆਂ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹਨਾਂ ਸੜਕਾਂ ਦੇ ਨਵੀਨੀਕਰਨ ਉੱਤੇ ਕੁੱਲ 4.74 ਕਰੋੜ ਰੁਪਏ ਦੀ ਲਾਗਤ ਆਵੇਗੀ।
ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਪਈਆਂ ਇਹਨਾਂ ਸੜਕਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।
ਵਿਧਾਇਕ ਵੱਲੋਂ ਅੱਜ ਪਿੰਡ ਰਾਏਪੁਰ ਅਰਾਈਆ, ਚੰਡਿਆਲਾ, ਨਾਨੋਵਾਲ ਤੋਂ ਬਹਿਲੋਲਪੁਰ (ਧਨੌਲਾ ਤੋਂ ਬਹਿਲੋਲਪੁਰ ਸੜਕ), ਪਿੰਡ ਮਹੇਸ਼ਪੁਰਾ ਤੋਂ ਅਮਰਾਲਾ, ਪਿੰਡ ਪੋਹਲੋਮਾਜਰਾ ਤੋਂ ਸੰਘੋਲ, ਪਨੈਚਾ ਤੋਂ ਸੰਘੋਲ, ਸੰਘੋਲ ਤੋਂ ਬਾਠਾਕਲਾਂ, ਬੁਰਜ ਤੋਂ ਮੋਹਣਮਾਜਰਾ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ। ਵਿਧਾਇਕ ਹੈਪੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਹ ਕੰਮ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਭਾਰੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਪਾਰਟੀ ਦੇ ਮੋਹਤਬਰ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਸੜਕੀ ਨਿਰਮਾਣ ਸ਼ੁਰੂ ਹੋਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਧੰਨਵਾਦ ਕੀਤਾ।