ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 26 ਜਨਵਰੀ ਨੂੰ ਸ਼ਹੀਦ ਮੇਜਰ (ਸ਼ੌਰਿਆ ਚਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ, ਝਾਂਕੀਆਂ, ਮੈਡੀਕਲ ਸਹਾਇਤਾ, ਸਫ਼ਾਈ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਆਦਿ ਸੰਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਨੇ ਸਮਾਰੋਹ ਦੇ ਸੁਚੱਜੇ ਅਤੇ ਗੌਰਵਮਈ ਆਯੋਜਨ ਲਈ ਆਪਸੀ ਤਾਲਮੇਲ ਅਤੇ ਸੁਚੱਜੀ ਯੋਜਨਾਬੰਦੀ 'ਤੇ ਜ਼ੋਰ ਦਿੱਤਾ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਅੰਤਿਮ ਰਿਹਰਸਲਾਂ 19, 21, 22 ਅਤੇ 24 ਜਨਵਰੀ ਨੂੰ ਸਰਕਾਰੀ ਕਾਲਜ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ।ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਸ਼ਟਰੀ ਤਿਉਹਾਰ ਦੀ ਮਰਿਆਦਾ ਅਤੇ ਗੌਰਵ ਕਾਇਮ ਰਹੇ।
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਸ੍ਰੀਮਤੀ ਗੀਤਿਕਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਦਮਨਦੀਪ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਕੱਤਰ ਆਰ.ਟੀ.ਏ. ਸ੍ਰੀ ਰਾਜਪਾਲ ਸਿੰਘ, ਏ.ਸੀ.ਏ. ਗਮਾਡਾ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਸਮੇਤ ਹੋਰ ਸੰਬੰਧਤ ਅਧਿਕਾਰੀ ਹਾਜ਼ਰ ਸਨ।