ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ ਏ ਸੀ), ਮੋਹਾਲੀ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮਹਾਤਮਾ ਗਾਂਧੀ ਜੀ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਨ ਉਪਰੰਤ ਉਨ੍ਹਾਂ ਦੀ ਯਾਦ ਅਤੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਜ਼ਾਦੀ ਅੰਦੋਲਨ ਦੌਰਾਨ ਸ਼ਹੀਦ ਹੋਏ ਮਹਾਨ ਦੇਸ਼ਭਗਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਨੂੰ ਹਮੇਸ਼ਾ ਆਪਣੇ ਮਹਾਨ ਸੁਤੰਤਰਤਾ ਸੈਨਾਨੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਜਿਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਿਹਰੇ ਭਵਿੱਖ ਲਈ ਨਿਸ਼ਕਾਮ ਭਾਵ ਨਾਲ ਸੰਘਰਸ਼ ਕੀਤਾ।
ਇਸ ਮੌਕੇ ਏ ਡੀ ਸੀ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ , ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਗੁਰਮੀਤ ਸਿੰਘ ਸੋਹੀ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।