ਸਿਵਲ ਹਸਪਤਾਲ ਬਰਨਾਲਾ ਵਿੱਚ 16.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਇਸੇ ਸਾਲ ਬਰਨਾਲਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਯੂਨਿਟ ਦੀ ਸਮਰੱਥਾ 50 ਬੈੱਡ ਹੋਵੇਗੀ। ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਐੱਮਪੀ ਲੈਡ ਫੰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਕੀਤਾ ਗਿਆ।
ਓਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕ੍ਰਿਟੀਕਲ ਕੇਅਰ ਯੂਨਿਟ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣ ਵਿੱਚ ਕੋਈ ਦੇਰੀ ਨਾ ਹੋਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਿਲ ਦੇ ਕੰਮ ਦਾ ਵੀ ਜਾਇਜ਼ਾ ਲਿਆ ਜੋ ਕਿ 8.39 ਕਰੋੜ ਦੀ ਲਾਗਤ ਨਾਲ ਬਣ ਰਹੀ ਹੈ ਅਤੇ ਕੰਮ 80 ਫੀਸਦੀ ਮੁਕੰਮਲ ਹੋ ਚੁੱਕਿਆ ਹੈ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 149.43 ਲੱਖ ਦੀ ਲਾਗਤ ਨਾਲ ਠੀਕਰੀਵਾਲ ਤੋਂ ਭੱਦਲਵਡ ਡਰੇਨ ਦੇ ਪੁਲ ਦਾ ਕੰਮ 92 ਫੀਸਦੀ ਮੁਕੰਮਲ ਹੋ ਚੁੱਕਿਆ ਹੈ। ਸੰਸਦ ਮੈਂਬਰ ਨੇ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਮਾਰਚ ਅੰਤ ਤੱਕ ਮੁਕੰਮਲ ਕਰਨ ਉੱਤੇ ਜ਼ੋਰ ਦਿੱਤਾ।
ਇਸ ਮੌਕੇ ਮੰਡੀ ਬੋਰਡ ਅਧਿਕਾਰੀਆਂ ਨੇ ਦੱਸਿਆ ਕਿ 14 ਕਰੋੜ ਦੀ ਲਾਗਤ ਨਾਲ ਮੰਡੀਆਂ ਵਿੱਚ ਸ਼ੈੱਡਾਂ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਓਨ੍ਹਾਂ ਵਲੋਂ ਐਮ ਪੀ ਲੈਡ ਅਧੀਨ ਪੌਣੇ 6 ਕਰੋੜ ਦੇ ਕੰਮ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਸ ਤੋਂ ਇਲਾਵਾ ਓਨ੍ਹਾਂ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ, ਸਿਹਤ ਵਿਭਾਗ ਦੀਆਂ ਸਕੀਮਾਂ, ਬਰਨਾਲਾ ਸ਼ਹਿਰ ਦੇ ਜਲ ਸਪਲਾਈ, ਸੀਵਰੇਜ ਤੇ ਬਰਨਾਲਾ ਨਗਰ ਨਿਗਮ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਬਰਨਾਲਾ, ਤਪਾ ਅਤੇ ਭਦੌੜ ਵਿੱਚ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਤੋਂ ਇਲਾਵਾ ਓਨ੍ਹਾਂ ਵੱਖ ਵੱਖ ਵਿਭਾਗਾਂ ਰਾਹੀਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ-ਭਲਾਈ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਪ੍ਰਾਜੈਕਟ ਪੂਰੀ ਪਾਰਦਰਸ਼ਤਾ ਨਾਲ ਤੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੋਡਲ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ ਅਤੇ ਹਰ ਪ੍ਰਾਜੈਕਟ ਸਥਾਨ ’ਤੇ ਕੰਮ ਦੀ ਮਿਆਦ, ਲਾਗਤ ਤੇ ਵੇਰਵਾ ਸਪਸ਼ਟ ਤੌਰ ’ਤੇ ਦਰਜ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ-ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ, ਪਰ ਇਹ ਸਾਡੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ ਕਿ ਹਰ ਸਕੀਮ ਦਾ ਲਾਭ ਅਸਲ ਹੱਕਦਾਰ ਤੱਕ ਪਹੁੰਚੇ। ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਕੰਮਾਂ ਵਿਚ ਬੇਵਜ੍ਹਾ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ। ਓਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਇਨ੍ਹਾਂ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤਰਫੋਂ ਹਰਮਨਦੀਪ ਸਿੰਘ, ਵੱਖ ਵੱਖ ਵਾਰਡਾਂ ਦੇ ਮਿਊਂਸਪਲ ਕੌਂਸਲਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।