ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪਿੰਡ ਸੁਲਤਾਨਵਿੰਡ, ਵਾਰਡ ਨੰਬਰ 37 ਦੇ ਨਿਵਾਸੀਆਂ ਨਾਲ ਮੀਟਿੰਗ ਕਰਕੇ ਵਾਰਡ ਵਿੱਚ ਚੱਲ ਰਹੇ ਢਾਂਚਾਗਤ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਮ੍ਰਿਤਸਰ ਦੱਖਣੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਵਿੱਚ ਵਿਕਾਸ ਦੇ ਨਵੇਂ ਅਯਾਮ ਕਾਇਮ ਕੀਤੇ ਜਾਣਗੇ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਪੂਰੀ ਦੁਨੀਆਂ ਵਿੱਚ ਆਪਣੀ ਖਾਸ ਥਾਂ ਰੱਖਦੀ ਹੈ ਅਤੇ ਦੁਨੀਆਂ ਭਰ ਵਿੱਚੋਂ ਸ਼ਰਧਾਲੂ ਏਥੇ ਆਪਣੀ ਅਕੀਦਤ ਭੇਟ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਏਥੇ ਦੇ ਵਸਨੀਕਾਂ ਲਈ ਸਾਰੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਇਹ ਯਤਨ ਵੀ ਕੀਤੇ ਜਾ ਰਹੇ ਹਨ ਕਿ ਇਸ ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕੋਈ ਪਰੇਸ਼ਾਨੀ ਨਾ ਹੋਵੇ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਨਗਰ ਨਿਗਮ ਦੀਆਂ ਟੀਮਾਂ ਇਸ ਕੰਮ ਉੱਪਰ ਲੱਗੀਆਂ ਹੋਈਆਂ ਹਨ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫ਼ਾਈ ਰੱਖਣ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਜਟ ਵਿੱਚ ਸੂਬੇ ਦੇ ਵਿਕਾਸ ਲਈ ਹੋਰ ਵੀ ਫੰਡ ਰੱਖੇ ਜਾਣਗੇ ਅਤੇ ਜਿਹੜੇ ਵਿਕਾਸ ਕਾਰਜ ਰਹਿ ਗਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਇਲਾਕੇ ਦੇ ਲੋਕਾਂ ਨੇ ਵਿਧਾਇਕ ਡਾ. ਨਿੱਜਰ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ, ਜਿਸ `ਤੇ ਡਾ. ਨਿੱਜਰ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਸਬੰਧੀ ਉਨ੍ਹਾਂ ਦੀ ਲੋੜਾਂ ਨੂੰ ਪਹਿਲ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਵਾਰਡ ਇੰਚਾਰਜ ਅਤੇ ਪ੍ਰਗਤੀਸ਼ੀਲ ਨੌਜਵਾਨ ਆਗੂ ਸ. ਹਿੰਮਤਜੀਤ ਸਿੰਘ ਤੇ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।