ਜ਼ਿਲ੍ਹਾ ਬਰਨਾਲਾ ਵਿੱਚ ਐਮ ਪੀ ਲੈਡ ਤਹਿਤ 229 ਕੰਮਾਂ ਲਈ ਤਕਰੀਬਨ 5.27 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਇਹ ਪ੍ਰਗਟਾਵਾਂ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹਲਕਾ ਬਰਨਾਲਾ ਦੇ ਸ਼ਹਿਰੀ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਐਮ ਪੀ ਲੈਡ ਤਹਿਤ ਨਗਰ ਨਿਗਮ ਬਰਨਾਲਾ ਵਿੱਚ 48 ਕੰਮਾਂ ਲਈ 1.15 ਕਰੋੜ ਤੋਂ ਵੱਧ ਰਾਸ਼ੀ ਜਾਰੀ ਕੀਤੀ ਗਈ ਹੈ। ਨਗਰ ਕੌਂਸਲ ਧਨੌਲਾ ਦੇ 20 ਕੰਮਾਂ ਲਈ 29 ਲੱਖ ਤੋਂ ਵੱਧ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਨਗਰ ਪੰਚਾਇਤ ਹੰਡਿਆਇਆ ਲਈ 10 ਕੰਮ ਕਰੀਬ ਸਾਢੇ 21 ਲੱਖ ਤੋਂ ਵੱਧ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ।
ਇਨ੍ਹਾਂ 3 ਸ਼ਹਿਰੀ ਇਕਾਈਆਂ ਲਈ 1.66 ਕਰੋੜ ਤੋਂ ਵੱਧ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਅਪਲੋਡ ਕੀਤੇ ਜਾਣ ਤਾਂ ਜੋ ਇਹ ਆਨਲਾਈਨ ਪੋਰਟਲ 'ਤੇ ਦਰਜ ਹੋ ਸਕਣ।
ਇਸ ਮੌਕੇ ਉਹਨਾਂ ਮੀਟਿੰਗ ਵਿੱਚ ਮੌਜੂਦ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਨਗਰ ਪੰਚਾਇਤ ਹੰਡਿਆਇਆ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ ਅਤੇ ਉਹਨਾਂ ਦੇ ਵਰਤੋਂ ਸਰਟੀਫਿਕੇਟ ਪੋਰਟਲ ਉੱਤੇ ਅਪਲੋਡ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਬਰਨਾਲਾ ਸ਼ਹਿਰ ਵਿੱਚ ਸੀਵਰੇਜ, ਜਲ ਸਪਲਾਈ ਪ੍ਰੋਜੈਕਟਾਂ, ਪਾਰਕਾਂ ਅਤੇ ਖੇਡ ਮੈਦਾਨਾਂ ਦੇ ਕੰਮਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਨਿਰਦੇਸ਼ ਦਿੱਤੇ ਕਿ ਠੇਕੇਦਾਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਸੀਵਰੇਜ ਅਤੇ ਹੋਰ ਵਿਕਾਸ ਕੰਮਾਂ ਦੌਰਾਨ ਸੁਰੱਖਿਆ ਮਾਪਦੰਡਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਤਾਂ ਜੋ ਚੱਲਦੇ ਕੰਮ ਦੌਰਾਨ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਅਤੇ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਇਕਾਈਆਂ ਵਿੱਚ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਤਾਂ ਜੋ ਓਹ ਕੰਮ ਮਿਆਰੀ ਅਤੇ ਸਮਾਂਬੱਧ ਤਰੀਕੇ ਨਾਲ ਕਰਵਾਏ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ, ਐੱਸ ਡੀ ਐੱਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਪੀ ਸੀ ਐੱਸ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ ਸਮੇਤ ਨਗਰ ਨਿਗਮ, ਨਗਰ ਕੌਂਸਲਾਂ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਮੌਜੂਦ ਸਨ।