ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਸਿਮਰਜੀਤ ਕੌਰ, ਸ੍ਰੀਮਤੀ ਚੀਨੂੰ ਸ਼ਰਮਾ, ਸ੍ਰੀਮਤੀ ਨਵਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਾਂਸ਼ ਰਾਠੀ, ਚੋਣ ਕਾਨੂੰਗੋ ਮਨਜੀਤ ਸਿੰਘ, ਚੋਣ ਸ਼ਾਖਾ ਦੇ ਹੋਰ ਕਰਮਚਾਰੀ ਹਾਜ਼ਰ ਸਨ।