ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਦੇਸ਼ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਆਪ ਆਗੂਆਂ ਅਤੇ ਇਲਾਕਾ ਵਾਸੀਆਂ ਵੱਲੋਂ ਸ਼ਹੀਦਾਂ ਦੇ ਬੇਮਿਸਾਲ ਬਲਿਦਾਨ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦੁਆਈ ਅਤੇ ਇਕ ਆਜ਼ਾਦ ਸਮਾਜ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਦੌਰਾਨ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਿਖਾਏ ਰਾਹ 'ਤੇ ਚੱਲਦਿਆਂ ਸਮਾਜ ਵਿੱਚ ਇਨਸਾਫ਼, ਬਰਾਬਰੀ ਅਤੇ ਭਾਈਚਾਰੇ ਦੀ ਸਥਾਪਨਾ ਲਈ ਆਪਣਾ ਯੋਗਦਾਨ ਪਾਵਾਂਗੇ। ਆਪ ਆਗੂਆਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਡਾਇਰੈਕਟਰ ਸਮਾਲ ਇੰਡਸਟਰੀਜ਼ ਅਨਿਲ ਮਿੱਤਲ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਯੋਧ ਸਿੰਘ, ਮੈਂਬਰ ਜ਼ਿਲਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਜਲਾ, ਰਛਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਸਤਨਾਮ ਸਿੰਘ, ਸਤਿੰਦਰ ਸਿੰਘ ਚੱਠਾ, ਦਰਸ਼ਨ ਸਿੰਘ ਪਾਠਕ, ਪੁਸ਼ਪਿੰਦਰ ਸ਼ਰਮਾ, ਵੀਰਭਾਨ, ਸੁਖਪਾਲ ਸਿੰਘ, ਅਜੈਬ ਸਿੰਘ, ਨਵਜੋਤ ਕੌਰ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰਾਂ ਤੋਂ ਇਲਾਵਾ ਹੋਰ ਕਈ ਪਤਵੰਤੇ, ਪਾਰਟੀ ਆਗੂ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।