ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਬਣਾਏ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (PSTC) ਮੁਤਾਬਕ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਿਆਂ ਦੇ ਪੱਧਰ 'ਤੇ ਹੋਈਆਂ ਮੀਟਿੰਗਾਂ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੇ ਮਸਲੇ, ਜਿਹੜੇ ਹਾਲੇ ਤਕ ਬਕਾਇਆ ਸਨ, ਦੇ ਨਿਪਟਾਰੇ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਪਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਬਕਾਇਆ ਮੁਸ਼ਕਲਾਂ ਵਿਸਥਾਰ ਨਾਲ ਸੁਣੀਆਂ ਗਈਆਂ ਅਤੇ ਮੌਕੇ ਉੱਤੇ ਹੱਲ ਕਰਨ ਦੇ ਨਾਲ-ਨਾਲ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਵਰੀ ਅਤੇ ਮਾਰਚ ਮਹੀਨੇ ਦੌਰਾਨ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਤੇ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮਸਲਿਆਂ ਸਬੰਧੀ ਸ਼ਿਕਾਇਤਾਂ ਅਤੇ ਸੁਝਾਅ ਦੱਸੇ ਗਏ ਸਨ।
ਉਹਨਾਂ ਮੀਟਿੰਗਾਂ ਵਿੱਚ ਸਾਹਮਣੇ ਆਏ ਕਈ ਮਾਮਲੇ ਹਾਲੇ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ 'ਤੇ ਬਕਾਇਆ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਅੱਜ ਮੀਟਿੰਗ ਬੁਲਾ ਕੇ ਬਕਾਇਆ ਸ਼ਿਕਾਇਤਾਂ ਦੀ ਸਮੀਖਿਆ ਕਰ ਕੇ ਉਨ੍ਹਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਾਰਵਾਈ ਕੀਤੀ ਗਈ।
ਸ਼੍ਰੀ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪਾਰਦਰਸ਼ੀ ਨਿਪਟਾਰੇ ਲਈ ਵਚਨਬੱਧ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ, ਐੱਸ.ਪੀ.ਰਾਜੇਸ਼ ਛਿੱਬਰ ਸਮੇਤ ਵੱਡੀ ਗਿਣਤੀ ਵਪਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।