ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ 'ਆਤਮਾ' (ATMA) ਸਕੀਮ ਦੇ ਸਹਿਯੋਗ ਨਾਲ ਅੱਜ ਕਪਿਲ ਪੈਲੇਸ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਅਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਗਈ। ਇਸ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵੱਲੋਂ ਕੀਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੋਂ ਦੇ ਕਿਸਾਨ ਨਵੀਆਂ ਤਕਨੀਕਾਂ ਨੂੰ ਅਪਣਾਉਣ ਵਿੱਚ ਹਮੇਸ਼ਾ ਮੋਹਰੀ ਰਹਿੰਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਬਰਨਾਲਾ ਜ਼ਿਲ੍ਹੇ ਨੇ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਦੇ ਮਾਮਲੇ ਵਿੱਚ ਬਹੁਤ ਵਧੀਆ ਮਿਸਾਲ ਪੇਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਖੇਤੀ ਨੂੰ ਆਧੁਨਿਕ ਲੀਹਾਂ 'ਤੇ ਪਾਉਣਾ ਸਮੇਂ ਦੀ ਮੁੱਖ ਲੋੜ ਹੈ। ਕਿਸਾਨਾਂ ਨੂੰ ਪਾਣੀ ਦੀ ਬਚਤ ਲਈ ਝੋਨੇ ਦੀ ਸਿੱਧੀ ਬਿਜਾਈ (DSR) ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਤੇ ਸਹਾਇਕ ਧੰਦਿਆਂ (ਜਿਵੇਂ ਡੇਅਰੀ, ਮਧੂ-ਮੱਖੀ ਪਾਲਣ) ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ 'ਆਤਮਾ' ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਅਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਨੇ ਸੰਬੋਧਨ ਨੇ ਕਿਸਾਨਾਂ ਨੂੰ ਫ਼ਸਲਾਂ 'ਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਸਿਰਫ਼ ਲੋੜ ਪੈਣ 'ਤੇ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਕਨੀਕੀ ਮੁਸ਼ਕਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਤਾਂ ਜੋ ਨਵੀਨਤਮ ਖੇਤੀ ਤਕਨੀਕਾਂ ਦਾ ਫ਼ਾਇਦਾ ਲਿਆ ਜਾ ਸਕੇ।
ਸ੍ਰੀ ਪਰਮਿੰਦਰ ਸਿੰਘ ਭੰਗੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦਾ ਸੱਦਾ ਦਿੱਤਾ।
ਡਾ. ਗੁਰਪੀ੍ਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਐਗਰੀ-ਸਟੈਕ (AgriStack) ਅਤੇ ਕਿਸਾਨ ਰਜਿਸਟਰੀ ਵਰਗੀਆਂ ਡਿਜੀਟਲ ਮੁਹਿੰਮਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਭ ਸਿੱਧਾ ਮਿਲ ਸਕੇ। ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਵੀਕੇ (KVK) ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਡਾ. ਅਸ਼ੋਕ ਕੁਮਾਰ, ਡਾ. ਅਮਨਦੀਪ ਕੌਰ ਅਤੇ ਡਾ. ਗੁਰਵੀਰ ਕੌਰ ਨੇ ਵੀ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਲਗਾਈਆਂ ਗਈਆਂ ਖੇਤੀ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ।
ਕੈਂਪ ਦੇ ਸਫਲ ਸੰਚਾਲਨ ਵਿੱਚ ਡਾ. ਧਰਮਵੀਰ ਸਿੰਘ ਅਤੇ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਹਾਜਰ ਸੀ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।