ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ’ਚ ਪੈਂਦੇ ਪਿੰਡ ਬੋਹੜਾ ਵਿਖੇ ਕਰਵਾਏ ਸਮਾਗਮ ਦੌਰਾਨ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪੰਜਾਹ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ ਅਧਿਕਾਰ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ।
ਇਸ ਤੋਂ ਪਹਿਲੋਂ, ਇਲਾਕੇ ਦੇ ਬਹੁਤੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਸਨ, ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਦੀ ਖ਼ਰੀਦ-ਫ਼ਰੋਖ਼ਤ ਕਰਨ ਸਮੇਂ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦੇ ਮੁਕੰਮਲ ਕਾਨੂੰਨੀ ਅਧਿਕਾਰ ਮਿਲਣਗੇ ਸਗੋਂ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਵੀ ਆਵੇਗੀ।
ਹਲਕੇ ਦੇ ਵਸਨੀਕਾਂ ਨੇ ਐਮ ਐਲ ਏ ਰੰਧਾਵਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਸਾਡਾ ਅਧੂਰਾ ਸੁਪਨਾ ਪੂਰਾ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਉਹ ਆਪਣੀ ਜ਼ਿੰਦਗੀ ਬੜੇ ਮਾਣ -ਸਤਿਕਾਰ ਨਾਲ ਬਤੀਤ ਕਰ ਸਕਣ।