ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 2 ਵਿਖੇ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਪੰਜਾਬ ਟਰੇਡਰਜ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ, ਤਰੱਕੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਦਲਵੀਰ ਸਿੰਘ ਢਿੱਲੋਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ "ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ।
ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।
ਸ. ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।
ਇਸ ਮੌਕੇ ਵਾਰਡ ਨੰਬਰ 2 ਦੇ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ।