ਪੰਜਾਬ ਸਰਕਾਰ ਵਲੋਂ ਮੌਜੂਦਾ ਸਮੇਂ ਪੈ ਰਹੀ ਗਰਮੀ ਦੇ ਮੱਦੇਨਜ਼ਰ ਸੋਮਵਾਰ ਤੋਂ ਦਫ਼ਤਰਾਂ ਦੇ ਤਬਦੀਲ ਕੀਤੇ ਸਮੇਂ ਅਨੁਸਾਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੇ ਅੱਜ ਸਵੇਰੇ ਸਾਢੇ 7 ਵਜੇ ਆਪਣੇ ਦਫ਼ਤਰੀ ਕੰਮਾਂ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਦੇ ਬਦਲੇ ਸਮੇਂ ਅਨੁਸਾਰ ਅੱਜ ਵਾਂਗ ਰੋਜ਼ਾਨਾ ਸਵੇਰੇ ਸਮੇਂ ਦੀ ਪਾਬੰਦਗੀ ਨੂੰ ਬਰਕਰਾਰ ਰੱਖਦਿਆਂ ਆਪੋ-ਆਪਣੇ ਦਫ਼ਤਰਾਂ ਵਿਚ ਪਹੁੰਚਣ ਦੀ ਤਾਕੀਦ ਕੀਤੀ ਤਾਂ ਜੋ ਲੋਕਾਂ ਨੂੰ ਨਾਗਰਿਕ ਸੇਵਾਵਾਂ ਅਤੇ ਹੋਰ ਸਹੂਲਤਾਂ ਹਾਸਲ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮਦ ਬੰਬਾਹ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਥਾਵਾਂ ’ਤੇ ਸਥਿਤ ਸਰਕਾਰੀ ਦਫ਼ਤਰਾਂ ਵਿਚ ਪ੍ਰਸ਼ਾਸਨਿਕ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਸਮੇਂ ਦੀ ਪਾਬੰਦਗੀ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ। ਸੋਮਵਾਰ ਸਵੇਰੇ ਆਪਣੇ ਦਫ਼ਤਰ ਵਿਚ 7:25 ਵਜੇ ਪਹੁੰਚੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੁਵਿਧਾ ਕੇਂਦਰ ਅਤੇ ਹੋਰ ਦਫ਼ਤਰਾਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਦਫ਼ਤਰਾਂ ਦੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਦਲੇ ਸਮੇਂ ਅਨੁਸਾਰ ਆਪਣੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਪਹਿਲਾਂ ਵਾਂਗ ਤੈਅ ਸਮੇਂ ਵਿਚ ਮੁਹੱਈਆ ਹੋਣਗੀਆਂ ਅਤੇ ਦਫ਼ਤਰਾਂ ਦਾ ਸਟਾਫ਼ ਸਵੇਰੇ ਸਾਢੇ 7 ਵਜੇ ਆਪਣੀਆਂ ਸੀਟਾਂ ’ਤੇ ਮੌਜੂਦ ਰਹੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 01:30 ਵਜੇ ਤੱਕ ਰਹੇਗਾ।