ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੁਹੱਲਾ ਗੌਤਮ ਨਗਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ ਭਲਾਈ ਵਾਲੀ ਸੋਚ ਅਤੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਵੱਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਖੇਤਰ ਵਿੱਚ ਪਾਣੀ ਦੀ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਗੌਤਮ ਨਗਰ ਵਿੱਚ ਸਥਾਪਿਤ ਇਹ ਨਵਾਂ ਟਿਊਬਵੈੱਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਪਹੁੰਚਾਏਗਾ ਅਤੇ ਉਨ੍ਹਾਂ ਨੂੰ ਸਾਫ਼ ਅਤੇ ਭਰਪੂਰ ਪੀਣ ਵਾਲਾ ਪਾਣੀ ਉਪਲਬੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਰਹੀ ਹੈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸ ਪੱਖੀ ਨੀਤੀਆਂ ਕਾਰਨ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਸ਼ਹਿਰ ਵਿੱਚ ਹੁਣ ਤੱਕ 43 ਤੋਂ ਵੱਧ ਨਵੇਂ ਟਿਊਬਵੈੱਲ ਲਗਾਏ ਜਾ ਚੁੱਕੇ ਹਨ, ਜਿਸ ਨਾਲ ਜਲ ਸਪਲਾਈ ਪ੍ਰਣਾਲੀ ਵਿੱਚ ਖਾਸਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਸਥਾਨਕ ਵਸਨੀਕਾਂ ਨੇ ਨਵੇਂ ਟਿਊਬਵੈੱਲ ਦੀ ਸਥਾਪਨਾ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਵਿੱਚ ਲੰਮੇ ਸਮੇਂ ਤੋਂ ਚੱਲ ਰਹੀਆਂ ਪੀਣ ਵਾਲੇ ਪਾਣੀ ਸਬੰਧੀ ਸਮੱਸਿਆਵਾਂ ਦਾ ਹੱਲ ਹੋਵੇਗਾ।ਇਸ ਮੌਕੇ ਸੁਮੇਸ਼ ਸੋਨੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ।