ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਜੁਆਇੰਟ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਢਿੱਲੋਂ ਨੇ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਕਿਸਾਨ ਖੇਤੀ ਦੀ ਵੱਧ ਰਹੀ ਲਾਗਤ ਅਤੇ ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਚਿੰਤਤ ਹਨ, ਜਦਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਉਦਯੋਗਪਤੀਆਂ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਤਾਕਤ ਨਾਲ ਉਠਾਏਗੀ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਪਲਾਇਨ, ਬੁਨਿਆਦੀ ਢਾਂਚੇ ਦੀ ਕਮਜ਼ੋਰੀ ਅਤੇ ਸਰਹੱਦੀ ਖੇਤਰਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਹਰ ਵਰਗ ਨਾਲ ਸੰਵਾਦ ਸਥਾਪਿਤ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਯਤਨ ਕਰੇਗੀ।ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ ਵਿੱਚ ਪਾਰਟੀ ਦੇ ਜਨਾਧਾਰ ਨੂੰ ਹੋਰ ਵਾਧਾ ਮਿਲੇਗਾ।