ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਪਹਿਲਾਂ ਕੀਤੇ ਗਏ ਐਲਾਨਾਂ ਅਨੁਸਾਰ ਸੂਬੇ ਦੀਆਂ 12 ਫੁੱਟ ਚੌੜਾਈ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ ਕਾਰਜ ਮਾਰਚ 2027 ਤੱਕ ਲਾਜ਼ਮੀ ਤੌਰ 'ਤੇ ਪੂਰਾ ਕਰ ਲਿਆ ਜਾਵੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਪੀਡਬਲਯੂਡੀ (ਬੀਐਂਡਆਰ) ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੜਕਾਂ ਦਾ ਚੰਗੀ ਹਾਲਤ ਵਿੱਚ ਅਤੇ ਯੋਗ ਚੌੜਾਈ ਦਾ ਹੋਣਾ ਜ਼ਰੂਰੀ ਹੈ। ਇਸ ਦੇ ਲਈ ਪਹਿਲਾਂ ਕੀਤੇ ਗਏ ਮੁੱਖ ਮੰਤਰੀ ਐਲਾਨਾਂ ਅਨੁਸਾਰ ਸੂਬੇ ਵਿੱਚ ਸਾਰੀਆਂ 12 ਫੁੱਟ ਦੀਆਂ ਸੜਕਾਂ ਦੀ ਚੌੜਾਈ ਨੂੰ 18 ਫੁੱਟ ਕੀਤਾ ਜਾਵੇ। ਇਹ ਕਾਰਜ ਇਸ ਵਿੱਤੀ ਸਾਲ ਦੇ ਖ਼ਤਮ ਹੋਣ ਤੋਂ ਪਹਿਲਾਂ ਪੂਰਾ ਕੀਤਾ ਜਾਵੇ।
ਇਸ ਕਾਰਜ ਦੀ ਸਥਿਤੀ ਪੁੱਛਣ 'ਤੇ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 3240 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ 12 ਫੁੱਟ ਚੌੜਾਈ ਦੀਆਂ ਹਨ, ਜਿਨ੍ਹਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਵਿੱਚੋਂ 1696 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਚੌੜਾ ਕਰਨ ਦਾ ਕਾਰਜ ਪ੍ਰਗਤੀ ਅਧੀਨ ਹੈ ਅਤੇ ਬਾਕੀ 1544 ਕਿਲੋਮੀਟਰ ਸੜਕਾਂ ਨੂੰ ਇਸੇ ਸਾਲ 18 ਫੁੱਟ ਚੌੜਾ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਬਣਾਈਆਂ ਜਾ ਰਹੀਆਂ ਸੜਕਾਂ ਦੀ ਗੁਣਵੱਤਾ, ਇਹਨਾਂ 'ਤੇ ਸਾਈਨ ਬੋਰਡ, ਬਰਮ ਅਤੇ ਚਿੱਟੀ ਪੱਟੀ ਲਗਵਾਉਣਾ ਵੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਧੂੜ-ਮਿੱਟੀ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਪੇਵਰ-ਬਲਾਕ ਜਾਂ ਘਾਹ ਲਗਵਾਇਆ ਜਾਵੇ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਜ ਲਈ ਪਹਿਲੇ ਪੜਾਅ ਹੇਠ 6 ਸ਼ਹਿਰੀ ਖੇਤਰਾਂ ਦੀਆਂ 368 ਕਿਲੋਮੀਟਰ ਲੰਬਾਈ ਦੀਆਂ 138 ਸੜਕਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਇਸ ਤਹਿਤ ਸੋਨੀਪਤ, ਫਰੀਦਾਬਾਦ, ਗੁਰੂਗ੍ਰਾਮ, ਪਾਣੀਪਤ, ਰੋਹਤਕ ਅਤੇ ਕਰਨਾਲ ਜ਼ਿਲ੍ਹਿਆਂ ਵਿੱਚ ਸੜਕਾਂ ਦੇ ਆਲੇ-ਦੁਆਲੇ ਟਾਈਲਾਂ ਅਤੇ ਗ੍ਰੀਨ ਏਰੀਆ ਵਿਕਸਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਕਾਰਜ ਨਵੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ। ਸੂਬੇ ਵਿੱਚ ਰੇਲਵੇ ਕਰਾਸਿੰਗ ਦੇ ਫਾਟਕਾਂ ਨੂੰ ਮਾਨਵ ਰਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਜ ਵੱਖ-ਵੱਖ ਵਿਭਾਗਾਂ ਅਤੇ ਰੇਲਵੇ ਰਾਹੀਂ ਕੀਤਾ ਜਾ ਰਿਹਾ ਹੈ, ਕੁਝ ਥਾਵਾਂ 'ਤੇ ਰੇਲਵੇ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਕਾਰਜ ਪੂਰੇ ਨਹੀਂ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ-ਜਿੱਥੇ ਰੇਲਵੇ ਦੀ ਇਜਾਜ਼ਤ ਕਾਰਨ ਕਾਰਜ ਰੁਕੇ ਹੋਏ ਹਨ, ਉਹਨਾਂ ਦੀ ਸੂਚੀ ਤਿਆਰ ਕਰੋ, ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਇਹਨਾਂ ਅੜਚਨਾਂ ਨੂੰ ਦੂਰ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੱਧਰ 'ਤੇ ਕੀਤੇ ਜਾਣ ਵਾਲੇ ਕਾਰਜ ਪ੍ਰਾਥਮਿਕਤਾ ਅਧਾਰ 'ਤੇ ਜਲਦੀ ਪੂਰੇ ਕਰਵਾਏ ਜਾਣ।
ਬਾਈਪਾਸ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕੀਤੀ
ਮੁੱਖ ਮੰਤਰੀ ਨੇ ਆਮ ਲੋਕਾਂ ਦੀ ਸਹੂਲਤ ਲਈ ਸੂਬੇ ਵਿੱਚ ਬਣਾਏ ਜਾ ਰਹੇ ਸਾਰੇ ਬਾਈਪਾਸ ਦੇ ਨਿਰਮਾਣ ਕਾਰਜਾਂ ਦੀ ਵੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਨਿਰਮਾਣ ਅਧੀਨ 17 ਵਿੱਚੋਂ 4 ਬਾਈਪਾਸਾਂ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ, ਕੁਝ 'ਤੇ ਕਾਰਜ ਚੱਲ ਰਿਹਾ ਹੈ ਅਤੇ ਕੁਝ ਥਾਵਾਂ 'ਤੇ ਜ਼ਮੀਨ ਦੀ ਘਾਟ ਆੜੇ ਆ ਰਹੀ ਹੈ।
ਇਸ 'ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਮੀਨ ਐਕਵਾਇਰ ਕਰਨ ਦਾ ਕਾਰਜ ਸੰਬੰਧਿਤ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਾਥਮਿਕਤਾ ਨਾਲ ਪੂਰਾ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਕੁਰੂਕਸ਼ੇਤਰ ਵਿੱਚ ਬਣੇ ਐਲੀਵੇਟਿਡ ਟ੍ਰੈਕ ਦੇ ਹੇਠਾਂ ਹਲਕੇ ਵਾਹਨਾਂ ਲਈ ਸੜਕ ਬਣਾਉਣ ਦਾ ਪ੍ਰਸਤਾਵ ਤਿਆਰ ਕੀਤਾ ਜਾਵੇ।
2028 ਤੱਕ ਹਰ ਇਮਾਰਤ 'ਤੇ ਹੋਵੇਗਾ ਸੋਲਰ ਪੈਨਲ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ, ਗੋਦਾਮਾਂ, ਮਾਰਕੀਟ ਕਮੇਟੀ ਦੇ ਸ਼ੈਡਾਂ ਅਤੇ ਸਾਰੇ ਘਰਾਂ 'ਤੇ ਸੋਲਰ ਪੈਨਲ ਲਗਾਉਣ ਦੀ ਕਾਰਜ ਯੋਜਨਾ ਬਣਾਈ ਜਾਵੇ ਤਾਂ ਜੋ ਸੂਬੇ ਨੂੰ ਬਾਹਰੋਂ ਬਿਜਲੀ ਖਰੀਦਣ ਦੀ ਲੋੜ ਨਾ ਪਵੇ। ਉਹਨਾਂ ਕਿਹਾ ਕਿ 2028 ਤੱਕ ਸੂਬੇ ਵਿੱਚ ਇੱਕ ਵੀ ਇਮਾਰਤ ਅਜਿਹੀ ਨਾ ਬਚੇ ਜਿਸ 'ਤੇ ਸੋਲਰ ਪੈਨਲ ਨਾ ਲੱਗਿਆ ਹੋਵੇ।
ਇਸ ਦੇ ਲਈ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਦੇ ਨਾਲ-ਨਾਲ ਨਿੱਜੀ ਕੰਪਨੀਆਂ ਦੀ ਵੀ ਮਦਦ ਲਈ ਜਾਵੇ। ਇਸ ਦੇ ਲਈ ਆਮ ਲੋਕਾਂ ਨੂੰ ਕੇਂਦਰ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਵੀ ਵੱਖਰੇ ਤੌਰ 'ਤੇ ਸਬਸਿਡੀ ਦਿੱਤੀ ਜਾਵੇਗੀ। ਉਦਯੋਗਿਕ ਇਕਾਈਆਂ ਵਿੱਚ ਸੋਲਰ ਪੈਨਲ ਲਗਾਉਣ ਲਈ ਆਕਰਸ਼ਕ ਯੋਜਨਾ ਤਿਆਰ ਕਰਨ ਅਤੇ ਬਿਲਡਿੰਗ ਕੋਡ ਵਿੱਚ ਲੋੜੀਂਦੀ ਸੋਧ ਕਰਨ ਦੇ ਸੰਬੰਧ ਵਿੱਚ ਵੀ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਹਰ 50 ਕਿਲੋਮੀਟਰ 'ਤੇ ਇੱਕ ਈਵੀ ਚਾਰਜਿੰਗ ਸਟੇਸ਼ਨ ਲੱਗੇਗਾ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਸਾਰੀਆਂ ਨਵੀਆਂ ਬਣਨ ਵਾਲੀਆਂ ਸਰਕਾਰੀ ਇਮਾਰਤਾਂ ਵਿੱਚ ਈਵੀ ਚਾਰਜਿੰਗ ਸਟੇਸ਼ਨ ਦੀ ਵਿਵਸਥਾ ਕੀਤੀ ਜਾਵੇ, ਜਿਸ ਦੇ ਲਈ ਕੇਂਦਰ ਸਰਕਾਰ ਵਿੱਤੀ ਸਹਾਇਤਾ ਦਿੰਦੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਹਰ 50 ਕਿਲੋਮੀਟਰ ਦੇ ਦਾਇਰੇ ਵਿੱਚ ਘੱਟੋ-ਘੱਟ ਇੱਕ ਈਵੀ ਚਾਰਜਿੰਗ ਸਟੇਸ਼ਨ ਜ਼ਰੂਰ ਹੋਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਵਿੱਚ ਈਵੀ ਵਾਹਨਾਂ ਪ੍ਰਤੀ ਰੁਝਾਨ ਵਧੇ।
ਉਹਨਾਂ ਨੇ ਸਾਰੀਆਂ ਇਮਾਰਤਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਸਥਾਪਿਤ ਕਰਨ ਦੀ ਕਾਰਜ ਯੋਜਨਾ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਜ਼ਿਲ੍ਹਿਆਂ ਵਿੱਚ ਬਣਨਗੇ ਨਵੇਂ ਵਿਸ਼ਰਾਮ ਗ੍ਰਹਿ
ਮੁੱਖ ਮੰਤਰੀ ਨੇ ਕੁਰੂਕਸ਼ੇਤਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਨਵੇਂ ਰੈਸਟ ਹਾਊਸ ਬਣਾਉਣ ਦੇ ਕਾਰਜ ਦੀ ਸਮੀਖਿਆ ਕਰਦਿਆਂ ਕਿਹਾ ਕਿ 15 ਅਗਸਤ ਨੂੰ ਸੂਬੇ ਵਿੱਚ ਇੱਕੋ ਦਿਨ ਨਵੇਂ ਰੇਸਟ ਹਾਊਸਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਕੁਰੂਕਸ਼ੇਤਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਨਵਾਂ ਰੇਸਟ ਹਾਊਸ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਵਿਭਾਗ ਦੀਆਂ ਹੋਰ ਕਾਰਜ ਯੋਜਨਾਵਾਂ ਨੂੰ ਲਾਗੂ ਕਰਨ ਦੇ ਸੰਬੰਧ ਵਿੱਚ ਵੀ ਅਧਿਕਾਰੀਆਂ ਨੂੰ ਵਿਸਤਾਰ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੀਡਬਲਯੂਡੀ ਬੀਐਂਡਆਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਏਕੇ ਸਿੰਘ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਅਤੇ ਓਐਸਡੀ ਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।