ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਰਬਨ ਕਰੇਵ, ਸੁਨਾਮ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਸੁਨਾਮ ਦੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ ਕਰੀਬ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸੇ ਉਦੇਸ਼ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮਨਜ਼ੂਰ ਕੀਤੇ ਗਏ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਸਮੁੱਚੀ ਤਸਵੀਰ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਕੇ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਸਮੇਂ ਸਿਰ ਵਿਕਾਸ ਕਾਰਜ ਪੂਰੇ ਕੀਤੇ ਜਾਣ।
ਇਸ ਮੌਕੇ ਵੱਖ ਵੱਖ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।