ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਅੱਜ ਸੁਨਾਮ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਨਾਮ ਸ਼ਹਿਰ ਦੇ ਨਵੇਂ ਚੁਣੇ ਸਮੂਹ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਅਤੇ ਕੈਬਨਿਟ ਮੰਤਰੀ ਵੱਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਅਤੇ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ।
ਉਨ੍ਹਾਂ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨ ਅਤੇ ਲੋਕ ਭਲਾਈ ਦੇ ਹਰ ਕਾਰਜ ਨੂੰ ਤਰਜੀਹ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੈ ਤਾਂ ਜੋ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਸਮੇਂ ਸਿਰ ਮਿਲ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਹਨਾਂ ਦੇ ਨਾਮ 'ਤੇ ਬਣੀਆਂ ਸੰਸਥਾਵਾਂ ਸਮਾਜ ਵਿੱਚ ਏਕਤਾ, ਸੇਵਾ ਭਾਵਨਾ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਇਹ ਗੱਲ ਵੀ ਆਖੀ ਕਿ ਸ੍ਰੀ ਸੀਤਾਸਰ ਮੰਦਿਰ ਸਬੰਧੀ ਮਸਲੇ ਨਾਲ ਸਬੰਧਤ ਧਿਰਾਂ ਇਹ ਮਸਲਾ ਹੱਲ ਕਰਨ, ਜਿਵੇਂ ਹੀ ਇਹ ਮਸਲਾ ਹੱਲ ਹੁੰਦਾ ਹੈ, ਇਸ ਅਸਥਾਨ ਸਬੰਧੀ ਵਿਕਾਸ ਕਾਰਜਾਂ ਲਈ 60 ਕਰੋੜ ਰੁਪਏ ਮਨਜ਼ੂਰ ਹੋਏ ਪਏ ਹਨ। ਇਹਨਾਂ ਫੰਡਾਂ ਨਾਲ ਫੌਰੀ ਤੌਰ ਉੱਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁਨਾਮ ਸ਼ਹਿਰ ਦੇ ਵਿਕਾਸ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿੱਚ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਸ ਮੌਕੇ ਕਮੇਟੀ ਅਹੁਦੇਦਾਰ ਤੇ ਮੈਂਬਰ, ਸ਼ਹਿਰ ਦੇ ਪਤਵੰਤੇ ਵਿਅਕਤੀ, ਨਵੇਂ ਚੁਣੇ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕ ਹਾਜ਼ਰ ਸਨ।