ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਿੰਡ ਬਾਲੀਆਂ ਅਤੇ ਬਟੂਹਾ ਵਿਖੇ "ਲੋਕ ਮਿਲਣੀ" ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਵਿਕਾਸ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ, ਜਿਸ ਨਾਲ ਹਲਕੇ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਹੋਏ ਵਿਕਾਸ ਕਾਰਜਾਂ ਦਾ ਲਾਭ ਲੋਕਾਂ ਨੂੰ ਸਿੱਧੇ ਤੌਰ 'ਤੇ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਤੱਕ ਪਹੁੰਚ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਪੁਸ਼ਪਿੰਦਰ ਸ਼ਰਮਾ ਚੇਅਰਮੈਨ ਟ੍ਰੇਡ ਵਿੰਗ ਧੂਰੀ, ਹਰਜਿੰਦਰ ਸਿੰਘ ਕਾਂਝਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਦੀਪ ਸਿੰਘ ਸਰਪੰਚ ਬਾਲੀਆਂ, ਜਸਵੰਤ ਸਿੰਘ ਬਲਾਕ ਪ੍ਰਧਾਨ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।