ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬੱਚਤ ਭਵਨ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਸਮੇਤ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਲਕਾ ਤੇ ਬਲਾਕ ਕੋਆਰਡੀਨੇਟਰਾਂ ਅਤੇ ਵਲੰਟੀਅਰਾਂ ਨਾਲ ਮੁਹਿੰਮ ਦੀ ਪ੍ਰਗਤੀ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਵੈਸਟ ਜੋਨ ਦੇ ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਚੁਸ਼ਪਿੰਦਰਬੀਰ ਸਿੰਘ ਚਹਿਲ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੂਬੇ ਵਿਚੋਂ ਨਸ਼ੇ ਦੇ ਖਾਤਮੇ ਨੂੰ ਗੰਭੀਰਤਾ ਨਾਲ ਲੈ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।
ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਨਾਲ ਹਰ ਆਮ ਨਾਗਰਿਕ ਨੂੰ ਦਾ ਵੀ ਨੈਤਿਕ ਫਰਜ਼ ਹੈ ਕਿ ਉਹ ਨਸ਼ਿਆਂ ਖਿਲਾਫ ਆਪਣੀ ਸਰਗਰਮ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਇਸ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਜੰਗ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ, ਡਾਕਟਰ, ਮੈਡੀਕਲ ਟੀਮਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਮਾਪੇ ਆਪਣਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦਾ ਪੂਰੀ ਤਰ੍ਹਾ ਨਾਲ ਖਾਤਮਾ ਕੀਤਾ ਜਾ ਸਕੇ!
ਉਨ੍ਹਾਂ ਨਾਲ ਹੀ ਕਿਹਾ ਕਿ ਸਾਰੇ ਅਧਿਕਾਰੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਰਿਵਾਰਕ ਪੱਧਰ ਉੱਤੇ ਵੀ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਨਜ਼ਰ ਆਉਣ 'ਤੇ ਉਨ੍ਹਾਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਾਊਂਸਲਿੰਗ ਦੀ ਤਰ੍ਹਾਂ ਗੱਲਬਾਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਨਕੇਲ ਕਸਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਪੁਲਿਸ ਨਸ਼ਿਆਂ ਸਬੰਧੀ ਹਰ ਸੂਚਨਾ ਉਤੇ ਤੁਰੰਤ ਐਕਸ਼ਨ ਲੈਂਦੀ ਹੈ ਜਿਸ ਨਾਲ ਲੋਕ ਨਸ਼ਾ ਤਸਕਰੀ ਨੂੰ ਰੋਕਣ ਲਈ ਬਹਾਦਰੀ ਨਾਲ ਲਾਮਬੰਦ ਹੋਏ ਹਨ।
ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਕੇ ਕਦੇ ਮੱਠੀ ਨਹੀਂ ਹੋਣ ਦਿੱਤੀ ਗਈ ਜਿਸ ਨਾਲ ਸੂਬੇ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਹੋ ਰਿਹਾ ਹੈ। ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਸਖਤੀ ਨੂੰ ਲੈ ਕੇ ਕਈ ਨਸ਼ਾ ਤਸਕਰ ਪਿੰਡ ਤੱਕ ਵੀ ਛੱਡ ਗਏ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਵੈਸਟ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਉਹ ਖੁਦ ਨੂੰ ਭਾਗਾਂ ਵਾਲਾ ਮਹਿਸੂਸ ਕਰਦੇ ਹਨ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ ਜੰਗ ਵਿਚ ਅਹਿਮ ਜਿੰਮੇਵਾਰੀ ਸੌਂਪੀ ਹੈ ਜਿਸ ਨੂੰ ਉਹ ਤਨਦੇਹੀ ਨਾਲ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨ ਸਦਕਾ ਨਸ਼ੇ ਦੀ ਸਪਲਾਈ ਵਿਚ ਬਹੁਤ ਵੱਡੀ ਕਮੀ ਆਈ ਹੈ। ਪੂਰੀ ਦੁਨੀਆ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜ਼ਰੀਏ ਨਸ਼ਿਆਂ ਨੂੰ ਪਾਈ ਠੱਲ੍ਹ ਦਾ ਚੰਗਾ ਸੰਦੇਸ਼ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਡਟ ਕੇ ਕੰਮ ਕੀਤਾ ਜਾ ਰਿਹਾ ਹੈ।
ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸਮੇਂ ਸਮੇਂ 'ਤੇ ਮੀਟਿੰਗਾਂ, ਸੈਮੀਨਾਰ ਉਲੀਕੇ ਗਏ ਹਨ ਅਤੇ ਭਵਿੱਖ ਵਿਚ ਵੀ ਇਸ ਮੁਹਿੰਮ ਨੂੰ ਇਸੇ ਤਰ੍ਹਾਂ ਸਰਗਰਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲ੍ਹਾਮਤ ਤੋਂ ਬਚਾ ਕੇ ਉਨ੍ਹਾਂ ਨੂੰ ਚੰਗੇ ਮਾਰਗ ਵੱਲ ਲਿਜਾਣ ਲਈ ਜ਼ਿਲ੍ਹੇ ਵਿਚ 241 ਵਿਲੇਜ਼ ਡਿਫੈਂਸ ਕਮੇਟੀਆਂ, 113 ਵਾਰਡ ਡਿਫੈਂਸ ਕਮੇਟੀਆਂ, 122 ਖੇਡ ਮੈਦਾਨ ਅਤੇ 26 ਲਾਇਬ੍ਰੇਰੀਆਂ ਮੌਜੂਦ ਹਨ।
ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਸੰਪਰਕ ਮੀਟਿੰਗਾਂ, ਜਾਗਰੂਕਤਾ ਸੈਮੀਨਾਰ ਆਦਿ ਕਰਵਾਏ ਜਾਂਦੇ ਹਨ ਉੱਥੇ ਹੀ ਨਸ਼ਾ ਤਸਕਰਾਂ ਖਿਲਾਫ ਵੀ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਤਾਲਮੇਲ ਰੱਖ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1740 ਐੱਫ.ਆਈ.ਆਰ. ਦਰਜ ਕਰਕੇ 2432 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।
ਇਸ ਤੋਂ ਇਲਾਵਾ 14 ਕਿੱਲੋ ਹੈਰੋਇਨ, 4 ਲੱਖ 88 ਹਜ਼ਾਰ ਸਿਗਨੇਚਰ ਕੈਪਸੂਲ ਅਤੇ 15 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 4592 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਲਈ ਭੇਜਿਆ ਗਿਆ, ਸਕੂਲਾਂ ਅਤੇ ਕਾਲਜਾਂ ਵਿਚ 1260 ਸੰਪਰਕ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਬਣਾਏ ਜ਼ਿਲ੍ਹਾ ਅਤੇ ਹਲਕਾ ਕੋਆਡੀਨੇਟਰਾਂ ਤੋਂ ਮੁਹਿੰਮ ਨੂੰ ਹੋਰ ਸਰਗਰਮ ਬਣਾਉਣ ਲਈ ਸੁਝਾਅ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਤਿਕਾ ਗੋਇਲ, ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ, ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲੱਖੀ ਬੋੜਾਵਾਲ, ਵਾਈਸ ਪ੍ਰਧਾਨ ਗੁਰਮੇਲ ਸਿੰਘ ਸਮਾਓਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।