ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ।
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿਘ ਈ.ਟੀ.ਓ. ਵੱਲੋਂ ਅੱਜ ਰਾਇਲ ਫਾਰਮ, ਪਿੰਡ ਉਦੋ ਨੰਗਲ (ਨੇੜੇ ਮਹਿਤਾ ਚੌਂਕ) ਵਿਖੇ ਵੱਡੀ ਸਕਰੀਨ ਲਗਾ ਕੇ ਮੁੱਖ ਮੰਤਰੀ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨ ਦੇ ਪ੍ਰੋਗਰਾਮ ਨੂੰ ਅੱਜ ਵਰਚੂਅਲ ਤੌਰ `ਤੇ ਹਲਕੇ ਦੀਆਂ ਬੀਬੀਆਂ ਨੂੰ ਦਿਖਾਇਆ ਗਿਆ।ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ਦੀ ਵਧਾਈ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰ ਵੱਲੋਂ ਇਕੱਠੇ ਤਿੰਨ ਮਹੀਨਿਆਂ ਯਾਨੀ ਜੁਲਾਈ, ਅਗਸਤ ਅਤੇ ਸਤੰਬਰ ਦੇ ਪੈਸੇ ਮਹਿਲਾਵਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਇਹ ਸਨਮਾਨ ਰਾਸ਼ੀ ਬੀਬੀਆਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਹੁਣ ਇਹ ਯੋਜਨਾ ਕਦੇ ਵੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲਾਗੂ ਕਰਕੇ ਰਾਜ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ-ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਦੇ ਰਾਜ ਵਿੱਚ ਹੁਣ ਜਨਤਾ ਦਾ ਪੈਸਾ ਸਿੱਧਾ ਜਨਤਾ ਤੱਕ ਜਾਣਾ ਸ਼ੁਰੂ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ।
ਓਧਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਔਰਤਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਭਰਵਾਂ ਸਵਾਗਤ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਬੀਬੀਆਂ ਨੇ ਕਿਹਾ ਕਿ ਇਹ ਸਨਮਾਨ ਰਾਸ਼ੀ ਉਨ੍ਹਾਂ ਦਾ ਸਨਮਾਨ ਵਧਾਉਣ ਵਿੱਚ ਸਹਾਈ ਹੋਵੇਗੀ।