ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਪ੍ਰਸਤਾਵਿਤ ਡਿਫੈਂਸ ਡੈਮ ਦੇ ਨਿਰਮਾਣ ਖ਼ਿਲਾਫ਼ ਪਿਛਲੇ 18 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਹੁਣ ਰਾਜਭਵਨ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਫਾਜ਼ਿਲਕਾ ਦੇ ਨੌਜਵਾਨ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਪਹਿਲ ’ਤੇ ‘ਬੰਨ੍ਹ ਰੋਕੋ ਚੜ੍ਹਦੀ ਕਲਾ ਸੰਘਰਸ਼ ਮੋਰਚਾ’ ਦੇ ਵਫ਼ਦ ਨੇ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ Gulab Chand Kataria ਨਾਲ ਰਾਜਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪ੍ਰਸਤਾਵਿਤ ਡਿਫੈਂਸ ਡੈਮ ਨਾਲ ਸਰਹੱਦੀ ਪਿੰਡਾਂ ਦੀ ਉਪਜਾਊ ਖੇਤੀਬਾੜੀ ਜ਼ਮੀਨ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਡੈਮ ਦੇ ਨਿਰਮਾਣ ਨਾਲ ਬਰਸਾਤ ਦੇ ਮੌਸਮ ਦੌਰਾਨ ਕਈ ਪਿੰਡਾਂ ਵਿੱਚ ਹੜ੍ਹਾਂ ਦਾ ਖ਼ਤਰਾ ਵਧ ਸਕਦਾ ਹੈ। ਕਿਸਾਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਖੁਦ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਪ੍ਰਾਜੈਕਟ ਦੀ ਮੌਜੂਦਾ ਰੂਪਰੇਖਾ ’ਤੇ ਮੁੜ ਵਿਚਾਰ ਕਰਵਾਉਣ ਲਈ ਯਤਨ ਕਰਨ, ਤਾਂ ਜੋ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਦਾ ਢੁੱਕਵਾਂ ਹੱਲ ਹੋ ਸਕੇ।
ਵਫ਼ਦ ਵਿੱਚ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਪਰਮਜੀਤ ਸਿੰਘ ਨੂਰਸ਼ਾਹ, ਹਰੀਸ਼ ਨੱਡਾ, ਕੁਲਵੰਤ ਸਿੰਘ, ਮਹਲ ਸਿੰਘ, ਸੁਖਦੇਵ ਸਿੰਘ, ਧੀਰਾ ਬਰਾੜ, ਸਾਹਿਲ ਕੰਬੋਜ, ਪੁਰਸ਼ੋਤਮ ਸਿੰਘ, ਸੁਖਦੇਵ ਸਿੰਘ ਰਾਣਾ, ਸ਼ਾਮ ਲਾਲ, ਬੀਰਬਲ ਸਿੰਘ ਅਤੇ ਹੋਰ ਪਿੰਡ ਵਾਸੀ ਸ਼ਾਮਲ ਸਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਮਾਮਲੇ ਦਾ ਗੰਭੀਰ ਨੋਟਿਸ ਲਿਆ।
ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ’ਤੇ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ Amit Shah ਅਤੇ ਰੱਖਿਆ ਮੰਤਰੀ Rajnath Singh ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਹਾਰਕ ਅਤੇ ਸਥਾਈ ਹੱਲ ਲਈ ਲੋੜੀਂਦੀ ਪਹਿਲ ਕਰਨਗੇ। ਕਰਨ ਗਿਲਹੋਤਰਾ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਰਾਜਪਾਲ ਦੇ ਦਖ਼ਲ ਮਗਰੋਂ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਜਲਦ ਕੋਈ ਸਕਾਰਾਤਮਕ ਫ਼ੈਸਲਾ ਲਿਆ ਜਾਵੇਗਾ। ਰਾਜਪਾਲ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਇਲਾਕਾ ਵਾਸੀਆਂ ਵਿੱਚ ਨਵੀਂ ਉਮੀਦ ਪੈਦਾ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਅਗਲੇ ਕਦਮ ਅਤੇ ਇਸ ਮਾਮਲੇ ਦੇ ਹੱਲ ਵੱਲ ਟਿਕੀਆਂ ਹੋਈਆਂ ਹਨ।