ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਤਹਿਤ ਹਰ ਪਿੰਡ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾਣੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਤੋਂ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਦਿਖਾਉਣ ਵਾਲੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੀ ਇਸ ਦਸਵਾਵੇਜੀ ਪ੍ਰੋਜੈਕਟ ਦੀ ਸ਼ੁਰੂਆਤ ਹੋ ਗਈ ਹੈ।
ਇਹ ਵੈਨ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਤਖਤੂਪੁਰਾ ਅਤੇ ਰੌਂਤਾ ਵਿਖੇ ਦਸਤਾਵੇਜੀ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਹਰੇਕ ਪਿੰਡ ਵਿੱਚ ਇਸ ਦਸਤਾਵੇਜੀ ਸ਼ੋਅ ਨੂੰ ਦਿਖਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ।
ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾ ਸਕੀਏ।