ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਲਈ 3 ਡਾਕੂਮੈਂਟਰੀ ਵੈਨਾਂ ਨੂੰ ਅੱਜ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਕੰਵਲਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੇਸ਼ ਖੰਨਾ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦੇ ਜਗਜੀਤ ਸਿੰਘ ਜੈਂਕੀ, ਗੁਰਚਰਨ, ਰਾਮ, ਕੌਂਸਲਰ ਸਤਨਾਮ ਸਿੰਘ ਸਾਬਾ ਵੀ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਤਿੰਨ ਵੈਨਾਂ ਅਲਾਟ ਹੋਈਆਂ ਹਨ। ਇਸ ਵੈਨ `ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ ਜਿਸ `ਤੇ ਇਹ 30 ਮਿੰਟ ਦੀ ਦਸਤਾਵੇਜ਼ੀ ਫਿਲਮ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਹਿਲੇ 15 ਦਿਨ ਇਹ ਵੈਨਾਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ ਅਤੇ ਅਜਨਾਲਾ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਉਣਗੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਫਿਲਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇੱਕ ਵੈਨ ਰੋਜਾਨਾਂ ਦੋ ਪਿੰਡ ਕਵਰ ਕਰੇਗੀ ਅਤੇ ਸ਼ਾਮ ਨੂੰ 5:00 ਵਜੇ ਤੋਂ 7:30 ਵਜੇ ਤੱਕ ਦੋ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।