ਹਰਿਆਣਾ ਦੀ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੂਸ਼ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਸਮਾਧਾਨ ਇਸ ਤਰ੍ਹਾਂ ਹੋਵੇ ਕਿ ਸ਼ਿਕਾਇਤਕਰਤਾ ਨੂੰ ਪੂਰੀ ਸੰਤੁਸ਼ਟੀ ਮਿਲੇ।
ਆਰਤੀ ਸਿੰਘ ਰਾਓ ਅੱਜ ਫਰੀਦਾਬਾਦ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੀ ਸੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 15 ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 12 ਸ਼ਿਕਾਇਤਾਂ ਦਾ ਹੱਲ ਮੌਕੇ 'ਤੇ ਹੀ ਕਰ ਦਿੱਤਾ ਗਿਆ, ਜਦਕਿ 3 ਮਾਮਲਿਆਂ ਨੂੰ ਅਗਲੀ ਮੀਟਿੰਗ ਤੱਕ ਪੈਂਡਿੱਗ ਰੱਖਦੇ ਹੋਏ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਮਾਮਲਿਆਂ 'ਤੇ ਵਿਸਤਾਰ ਰਿਪੋਰਟ ਵੀ ਪੇਸ਼ ਕੀਤੀ।
ਗ੍ਰਾਮੀਣ ਖੇਤਰ ਵਿੱਚ ਹਾਈ-ਟੈਂਸ਼ਨ ਬਿਜਲੀ ਲਾਈਨਾਂ ਤੋਂ ਹਾਦਸਿਆਂ ਦੇ ਖਦਸ਼ੇ ਸਬੰਧੀ ਸ਼ਿਕਾਇਤ 'ਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋੜੀਂਦੀ ਰਾਸ਼ੀ ਜਮ੍ਹਾਂ ਹੋਣ ਤੋਂ ਬਾਅਦ ਕੰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇ 15 ਦਿਨਾਂ ਦੇ ਅੰਦਰ ਲਾਈਨ ਸ਼ਿਫਟਿੰਗ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਇਸ 'ਤੇ ਮੰਤਰੀ ਆਰਤੀ ਸਿੰਘ ਰਾਓ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕੀਤਾ ਜਾਵੇ।
ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਸਿਰਫ ਰਸਮੀ ਨਿਪਟਾਰਾ ਹੀ ਨਾ ਕੀਤਾ ਜਾਵੇ, ਸਗੋਂ ਮੌਕੇ 'ਤੇ ਜਾ ਕੇ ਸਥਾਈ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੰਸ਼ਾ ਹੈ ਕਿ ਆਮ ਨਾਗਰਿਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਸਾਰੇ ਵਿਭਾਗ ਸਮਾਂਬੱਧ ਕਾਰਵਾਈ ਕਰਦੇ ਹੋਏ ਪਾਲਣਾ ਰਿਪੋਰਟ ਪੇਸ਼ ਕਰਨ ਅਤੇ ਜਨਹਿਤ ਨਾਲ ਜੁੜੇ ਮਾਮਲਿਆਂ ਵਿੱਚ ਪੂਰੀ ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ।