ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਢਿੱਲੋਂ ਕਲੋਨੀ ਵਿਖੇ ਬੀ.ਐਸ.ਐਫ. ਦੇ ਸ਼ਹੀਦ ਸਬ ਇੰਸਪੈਕਟਰ ਸ. ਬਲਬੀਰ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀ ਡਿਊਟੀ ਨਿਭਾਉਣ ਵਾਲੇ ਜਵਾਨਾਂ ਦੀ ਕੁਰਬਾਨੀ ਸਦਾ ਯਾਦ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਆਪਣੀ ਡਿਊਟੀ ਪ੍ਰਤੀ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਸੇਵਾ ਨਿਭਾਈ ਅਤੇ ਉਨ੍ਹਾਂ ਦਾ ਬਲਿਦਾਨ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖ਼ਸ਼ਣ। ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਬਲਬੀਰ ਸਿੰਘ, ਪੁੱਤਰ ਸ. ਨਾਜਰ ਸਿੰਘ, ਬੀ.ਐਸ.ਐਫ. ਦੀ 57ਵੀਂ ਬਟਾਲੀਅਨ, ਸਿਲੀਗੁੜੀ (ਪੱਛਮੀ ਬੰਗਾਲ) ਵਿੱਚ ਤਾਇਨਾਤ ਸਨ।
ਆਪਣੀ ਡਿਊਟੀ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਭਾਰਤ ਸਰਕਾਰ ਅਤੇ ਬੀ.ਐਸ.ਐਫ. ਵੱਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਐਸ.ਐਫ. ਦੇ ਅਧਿਕਾਰੀ, ਸ਼ਹਿਰਵਾਸੀ, ਪਰਿਵਾਰਕ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।