ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਮੇਘੋਵਾਲ ਗੰਜਿਆ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਦੂਸਰੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜਿਨ੍ਹਾਂ ਲਈ ਆਪਣੇ ਪੱਧਰ ’ਤੇ ਯਾਤਰਾ ਕਰਨਾ ਮੁਸ਼ਕਲ ਹੁੰਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀ ਧਾਰਮਿਕ ਯਾਤਰਾ ਕਰ ਸਕਣ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਹ ਯੋਜਨਾ ਵੀ ਉਸੇ ਵਚਨਬੱਧਤਾ ਦਾ ਹਿੱਸਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੱੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੂਸਰੇ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿੱਤ ਫ਼ੈਸਲੇ ਲੈ ਰਹੀ ਹੈ ਅਤੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਲੋਕਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ ਅਤੇ ਸਰਕਾਰ ਇਸ ਆਸਥਾ ਦਾ ਸਨਮਾਨ ਕਰਦਿਆਂ ਅਜਿਹੀਆਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਦਾ ਲਾਭ ਉਠਾਉਣਗੇ। ਇਸ ਮੌਕੇ ਹਾਜ਼ਰ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਧਾਰਮਿਕ ਯਾਤਰਾ ਕਰਨ ਦੀ ਇੱਛਾ ਨੂੰ ਪੂਰਾ ਕੀਤਾ ਹੈ। ਇਸ ਮੌਕੇ ਪ੍ਰੇਮ ਸਿੰਘ ਵੀ ਹਾਜਰ ਸਨ।