ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਜਾਰੀ ਕੀਤੇ ਸੋਧੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 15 ਜੁਲਾਈ 2026 ਨੂੰ ਐੱਸ.ਆਈ.ਆਰ.-2026 ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਸ ਅਨੁਸਾਰ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦਾ ਸਰਵੇਖਣ 3 ਅਗਸਤ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਅਤੇ ਪੁਨਰ-ਵਿਵਸਥਾ, 13 ਅਗਸਤ ਨੂੰ ਵੋਟਰ ਸੂਚੀ ਦਾ ਡਰਾਫਟ ਪ੍ਰਕਾਸ਼ਨ, 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ, 13 ਅਗਸਤ ਤੋਂ 8 ਅਕਤੂਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਆਸ਼ਿਕਾ ਜੈਨ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਤਾਂ ਜੋ ਵੱਧ ਤੋਂ ਵੱਧ ਯੋਗ ਨਾਗਰਿਕ ਇਸ ਪ੍ਰਕਿਰਿਆ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਘਰ-ਘਰ ਸਰਵੇ ਮੁਹਿੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਨੂੰ ਹਦਾਇਤ ਕਰਨ ਕਿ ਉਹ ਬੀ.ਐੱਲ.ਓ. ਵੱਲੋਂ ਮੀਟਿੰਗ ਦਾ ਨੋਟਿਸ ਮਿਲਣ 'ਤੇ ਨਿਰਧਾਰਿਤ ਸਮੇਂ ਅਨੁਸਾਰ ਮੀਟਿੰਗ ਵਿੱਚ ਲਾਜ਼ਮੀ ਸ਼ਾਮਲ ਹੋਣ।
ਇਨ੍ਹਾਂ ਮੀਟਿੰਗਾਂ ਵਿੱਚ ਬੀ.ਐੱਲ.ਓ. ਵੱਲੋਂ ਅਣ-ਇਕੱਠੇ ਹੋ ਸਕਣ ਵਾਲੇ ਐਨਿਊਮੇਰੇਸ਼ਨ ਫਾਰਮ ਅਤੇ ਏ.ਐੱਸ.ਡੀ.ਡੀ. ਵਜੋਂ ਚਿੰਨ੍ਹਿਤ ਵੋਟਰਾਂ ਦੀ ਸੂਚੀ ਬੀ.ਐੱਲ.ਏ. ਨਾਲ ਸਾਂਝੀ ਕੀਤੀ ਜਾਵੇਗੀ। ਜੇਕਰ ਇਨ੍ਹਾਂ ਵੋਟਰਾਂ ਸਬੰਧੀ ਬੀ.ਐੱਲ.ਏ. ਕੋਲ ਕੋਈ ਜਾਣਕਾਰੀ ਹੋਵੇ ਤਾਂ ਉਹ ਸਬੰਧਤ ਬੀ.ਐੱਲ.ਓ. ਨਾਲ ਸਾਂਝੀ ਕਰਨ, ਤਾਂ ਜੋ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕੀਤੀ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਐਨਿਊਮੇਰੇਸ਼ਨ ਫਾਰਮਾਂ ਦੇ ਡਿਜ਼ਿਟਲੀਕਰਨ ਦੌਰਾਨ ਕੁਝ ਪੋਲਿੰਗ ਸਟੇਸ਼ਨਾਂ 'ਤੇ ਬੀ.ਐੱਲ.ਏ.-2 ਵੱਲੋਂ ਇਕੱਠੇ ਨਾ ਹੋ ਸਕਣ ਵਾਲੇ ਐਨਿਊਮੇਰੇਸ਼ਨ ਫਾਰਮਾਂ ਅਤੇ ਐੱਸ.ਡੀ.ਡੀ. ਮਾਰਕ ਫਾਰਮਾਂ 'ਤੇ ਦਸਤਖ਼ਤ ਨਹੀਂ ਕੀਤੇ ਜਾ ਰਹੇ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐੱਲ.ਏ.-2 ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਦਸਤਖ਼ਤ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਐਸ.ਆਈ.ਆਰ. ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਨਿਰਧਾਰਿਤ ਦਸਤਾਵੇਜ਼ਾਂ ਸਮੇਤ ਫਾਰਮ-6 ਭਰ ਕੇ ਸਬੰਧਤ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾ ਕੇ ਨਵੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਸਾਰੇ ਯੋਗ ਨਾਗਰਿਕਾਂ ਨੂੰ ਸਮੇਂ ਸਿਰ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸੀ.ਪੀ.ਆਈ. (ਐੱਮ.) ਤੋਂ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।