ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ 'ਮੁੱਖ ਮੰਤਰੀ ਜਿੰਮ' ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਦਾ ਭਰਵਾਂ ਸਵਾਗਤ ਕੀਤਾ ਗਿਆ।
ਜਿੰਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਪਿੰਡਾਂ ਵਿੱਚ ਜਿੰਮਾਂ ਦੀ ਸਥਾਪਨਾ ਨਾਲ ਜਿੱਥੇ ਨੌਜਵਾਨਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣ ਦੀ ਪ੍ਰੇਰਨਾ ਮਿਲੇਗੀ, ਉੱਥੇ ਹੀ ਉਹ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਪਿੰਡ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਪਿਆਲ ਪਿੰਡ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ।
ਇਸ ਮੌਕੇ ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਸਮੂਹ ਨਗਰ ਵੱਲੋਂ ਵਿਧਾਇਕ ਭਰਾਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਖੇ 'ਮੁੱਖ ਮੰਤਰੀ ਜਿੰਮ' ਦੀ ਸਥਾਪਨਾ ਨਾਲ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ ਹੈ ਅਤੇ ਪਿੰਡ ਦੇ ਵਿਕਾਸ ਲਈ ਪੰਚਾਇਤ ਹਮੇਸ਼ਾ ਤਤਪਰ ਰਹੇਗੀ।
ਇਸ ਸਮਾਰੋਹ ਦੌਰਾਨ ਸਰਪੰਚ ਹਰਪਾਲ ਸਿੰਘ, ਸਮੂਹ ਪੰਚਾਇਤ ਮੈਂਬਰ, ਸੰਤਪਾਲ ਸਿੰਘ, ਅਵਤਾਰ ਸਿੰਘ, ਸੁੱਖਾ ਮਾਨ ਅਤੇ ਗੁਰਪ੍ਰੀਤ ਸਿੰਘ ਫੱਗੂਵਾਲ ਉਚੇਚੇ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਇਲਾਕੇ ਦੇ ਹੋਰ ਪ੍ਰਮੁੱਖ ਆਗੂ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਇਸ ਖਾਸ ਮੌਕੇ 'ਤੇ ਮੌਜੂਦ ਰਹੇ।