ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਤਰਜੀਹ ਦੇ ਅਧਾਰ ਉੱਤੇ ਨਿਪਟਾਉਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ ਪੱਧਰ ਉਤੇ ਹਰ ਹਫ਼ਤੇ ਸਬ ਡਵੀਜ਼ਨ ਪੱਧਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਾਰਜਸ਼ੀਲ ਰਹਿਣਗੇ।
ਮੀਟਿੰਗ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੋਰਟਲ ਉਤੇ ਸ਼ਿਕਾਇਤ ਪ੍ਰਾਪਤ ਹੋਣ ਤੋਂ ਲੈ ਕੇ ਉਸ ਉੱਤੇ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਤੱਕ, ਹਰ ਪੜਾਅ ਬਾਰੇ ਸ਼ਿਕਾਇਤਕਰਤਾ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਬਣੀ ਰਹੇ।
ਮੀਟਿੰਗ ਦੌਰਾਨ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਪ੍ਰਾਯੋਜਿਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵਪਾਰੀ ਵਰਗ ਤੱਕ ਪਹੁੰਚਾਉਣ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਾਵਰਕਾਮ, ਪੁਲਿਸ, ਸੀਵਰੇਜ, ਲੋਕ ਨਿਰਮਾਣ ਵਿਭਾਗ , ਨੈਸ਼ਨਲ ਹਾਈਵੇ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਵੱਖ ਵੱਖ ਸ਼ਿਕਾਇਤਾਂ ਬਾਰੇ ਵਿਚਾਰ ਕਰਦੇ ਹੋਏ ਮੌਕੇ ਉੱਤੇ ਹੀ ਢੁਕਵਾਂ ਹੱਲ ਕੀਤਾ ਗਿਆ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਡੀਐਸਪੀ ਹਰਜਿੰਦਰ ਸਿੰਘ ਗਿੱਲ, ਜ਼ਿਲ੍ਹਾ ਚੇਅਰਮੈਨ ਆਸ਼ੂ ਬਾਂਸਲ, ਮਨੋਜ ਗੋਇਲ ਹਲਕਾ ਚੇਅਰਮੈਨ ਮਾਨਸਾ, ਲਲਿਤ ਜੈਨ ਹਲਕਾ ਚੇਅਰਮੈਨ ਬੁਢਲਾਡਾ ਨੇ ਵੀ ਸ਼ਿਰਕਤ ਕੀਤੀ ।