ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ, ਯੂਨੀਵਰਸਿਟੀਆਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੁਹਾਲੀ ਵਿਖੇ ਹੋਣ ਵਾਲੇ ਖੇਤਰੀ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਸਥਾਨਕ ਉਦਯੋਗਾਂ ਅਤੇ ਕਾਰਪੋਰੇਟ ਅਦਾਰਿਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਖਾਲੀ ਅਸਾਮੀਆਂ ਇਕੱਠੀਆਂ ਕਰਨ ਦੇ ਨਿਰਦੇਸ਼ ਦਿੱਤੇ। ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਯੂਨੀਵਰਸਿਟੀਆਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਆਪਣੇ ਪਲੇਸਮੈਂਟ ਸੈੱਲ ਸਰਗਰਮ ਕਰਦੇ ਹੋਏ ਯੋਗ ਵਿਦਿਆਰਥੀਆਂ, ਆਖ਼ਰੀ ਸਾਲ ਦੇ ਵਿਦਿਆਰਥੀਆਂ ਅਤੇ ਡਿਪਲੋਮਾ ਧਾਰਕਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਖੇਤਰੀ ਟਰਾਂਸਪੋਰਟ ਦਫ਼ਤਰ ਨੂੰ ਵੀ ਹਦਾਇਤ ਕੀਤੀ ਕਿ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਪਟਿਆਲਾ ਤੋਂ ਮੁਹਾਲੀ ਤੱਕ ਲੋੜੀਂਦੇ ਆਵਾਜਾਈ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਅਤੇ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਇਹ ਮੈਗਾ ਰੋਜ਼ਗਾਰ ਮੇਲਾ ਉਨ੍ਹਾਂ ਨੂੰ ਪ੍ਰਮੁੱਖ ਰੁਜ਼ਗਾਰ ਅਦਾਰਿਆਂ ਨਾਲ ਸਿੱਧੇ ਤੌਰ 'ਤੇ ਜੋੜਨ ਦਾ ਸੁਨਹਿਰੀ ਮੌਕਾ ਹੈ।
ਉਨ੍ਹਾਂ ਸਾਰੇ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਦੇ ਹੋਏ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਮੂਹ ਯੋਗ ਨੌਜਵਾਨਾਂ ਅਤੇ ਨੌਕਰੀ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸਬੰਧਤ ਵਿਦਿਅਕ ਸੰਸਥਾਵਾਂ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਇਸ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।