ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 16, ਪਿੰਡ ਲੈਹਲੀ, ਪਿੰਡ ਹੁੰਬੜਾ ਹੰਸਾਲਾ ਅਤੇ ਰਾਜੋਮਾਜਰਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 88ਵੀਂ, 89ਵੀਂ ਅਤੇ 90ਵੀਂ ਬੱਸ ਨੂੰ ਰਵਾਨਾ ਕੀਤਾ ਗਿਆ।
ਇਸ ਮੌਕੇ ਸ਼ਰਧਾਲੂਆਂ ਵਿੱਚ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਧਾਰਮਿਕ ਆਸਥਾ ਅਤੇ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਮਹੱਤਵਪੂਰਨ ਯੋਜਨਾ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ, ਖਾਸ ਕਰਕੇ ਉਨ੍ਹਾਂ ਸ਼ਰਧਾਲੂਆਂ ਨੂੰ, ਜੋ ਆਰਥਿਕ ਕਾਰਨਾਂ ਜਾਂ ਹੋਰ ਮੁਸ਼ਕਲਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ, ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਐਮ.ਐਲ.ਏ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਡੇਰਾਬੱਸੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯਾਤਰਾ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਤੋਂ ਬਾਹਰਲੇ ਤੀਰਥ ਸਥਾਨਾਂ ਲਈ ਵੀ ਇਹ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਸਾਹਿਬਾਨ, ਪੰਚਾਇਤ ਮੈਂਬਰ, ਨਗਰ ਕੌਂਸਲ ਪ੍ਰਧਾਨ, ਕੌਂਸਲਰ ਸਾਹਿਬਾਨ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।