ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੁਤਬਪੁਰ ਵਿਖੇ ਕਰਵਾਈ ਗਈ ’ਲੋਕ ਮਿਲਣੀ’ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਪਿੰਡ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਕਾਸ ਲਈ ਦਿੱਤੀ ਜਾ ਰਹੀ ਗ੍ਰਾਂਟ ਨਾਲ ਪਿੰਡ ਵਿੱਚ ਲੋੜੀਂਦੇ ਵਿਕਾਸ ਕਾਰਜ ਹੋਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਖੇਡ ਮੈਦਾਨਾਂ, ਕਮਿਊਨਿਟੀ ਕੇਂਦਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੈ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਵਿਕਾਸ ਹੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਪੰਚਾਇਤ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਰਕਾਰੀ ਫੰਡਾਂ ਦੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਭਰੋਸੇ ’ਤੇ ਖਰੀ ਉਤਰਦਿਆਂ ਹਰ ਖੇਤਰ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਇਸ ਮੌਕੇ ਸਰਪੰਚ ਗੁਰਦਿਆਲ ਸਿੰਘ, ਨਰੇਸ਼ ਕੌਰ ਪੰਚ, ਕਮਲਜੀਤ ਕੌਰ ਪੰਚ, ਦਿਲਬਾਗ ਸਿੰਘ, ਕੇਹਰ ਸਿੰਘ, ਨਿਰਮਲ ਸਿੰਘ, ਜਗਦੀਸ਼ ਸਿੰਘ, ਬਹਾਦਰ ਸਿੰਘ,ਬਲਵਿੰਦਰ ਸਿੰਘ, ਗੁਰਮੀਤ ਸਿੰਘ ਵੀ ਹਾਜਰ ਸਨ।