ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਖਾਨਪੁਰ ਥਿਆੜ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪੰਚਾਇਤ ਮੈਂਬਰ ਅਤੇ ਸ਼ਰਧਾਲੂ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਸਰਕਾਰ ਹੈ, ਜੋ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਧਾਰਮਿਕ ਆਸਥਾ ਨਾਲ ਜੁੜੀਆਂ ਯੋਜਨਾਵਾਂ ਨੂੰ ਵੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਉਨ੍ਹਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਪੱਧਰ 'ਤੇ ਯਾਤਰਾ ਕਰਨ ਵਿੱਚ ਅਸਮਰੱਥ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀ ਧਾਰਮਿਕ ਯਾਤਰਾ ਸੰਪੂਰਨ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਦੀਆਂ ਸਮਾਜਿਕ ਅਤੇ ਧਾਰਮਿਕ ਭਾਵਨਾਵਾਂ ਦਾ ਵੀ ਪੂਰਾ ਸਤਿਕਾਰ ਕਰਨਾ ਹੈ।
ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਹੋਰ ਵਿਸਥਾਰ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਇਸ ਮੌਕੇ ਸਰਪੰਚ ਬਲਰਾਜ ਸਿੰਘ, ਜਸਪਾਲ ਕੌਰ, ਪ੍ਰੇਮ ਕੁਮਾਰ, ਸਤਪਾਲ ਨੀਟਾ, ਸਤਨਾਮ ਸਿੰਘ, ਹਰਦੇਵ ਸਿੰਘ, ਕੁਲਵਿੰਦਰ ਰਾਮ, ਸੁਰਜੀਤ ਸਿੰਘ, ਰਾਮ ਆਸਰਾ, ਦਲਜੀਤ ਕੌਰ, ਗੁਰਬਖਸ਼ ਕੌਰ, ਜਗਦੀਸ਼ ਕੌਰ, ਹਰਬੰਸ ਕੌਰ ਆਦਿ ਵੀ ਮੌਜੂਦ ਸਨ।