ਹਲਕਾ ਸਰਦੂਲਗੜ੍ਹ ਦੇ ਬਹੁ-ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਸਹੂਲਤਾਂ ਵਿੱਚ ਵੱਡਾ ਵਾਧਾ ਕਰਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 1 ਕਰੋੜ 3 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਿਸ਼ਾਲ ਸ਼ੈੱਡ ਅਤੇ 2 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਫੜ੍ਹ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਇਸ ਨਵੇਂ ਸ਼ੈੱਡ ਅਤੇ ਫੜ੍ਹ ਨਾਲ ਫ਼ਸਲ ਦੀ ਸਾਂਭ-ਸੰਭਾਲ ਵਿੱਚ ਆਉਂਦੀਆਂ ਦਰਪੇਸ਼ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ ਅਤੇ ਖ਼ਾਸ ਕਰਕੇ ਖ਼ਰਾਬ ਮੌਸਮ ਜਾਂ ਬਰਸਾਤ ਦੌਰਾਨ ਕਿਸਾਨਾਂ ਦੀ ਝੋਨੇ ਤੇ ਕਣਕ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇਗਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਬਹੁ-ਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਗ੍ਰਾਂਟਾਂ ਨਾਲ ਹਲਕੇ ਵਿੱਚ ਬੁਨਿਆਦੀ ਸਹੂਲਤਾਂ, ਸੜਕਾਂ ਤੇ ਮੰਡੀਕਰਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕੰਮ ਤੇਜ਼ੀ ਨਾਲ ਚੱਲ ਰਹੇ ਹਨ।
ਇਸ ਉਦਘਾਟਨੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਮਾਰਕੀਟ ਕਮੇਟੀ ਦੇ ਅਹੁਦੇਦਾਰ, ਇਲਾਕੇ ਦੇ ਕਿਸਾਨ, ਆੜ੍ਹਤੀਏ ਅਤੇ ਮੰਡੀ ਮਜ਼ਦੂਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਮੰਡੀ ਵਿੱਚ ਬੁਨਿਆਦੀ ਸਹੂਲਤਾਂ ਵਧਾਉਣ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਬਣਾਂਵਾਲੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਤੋੰ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ ਕਾਹਨੇਵਾਲਾ,ਵੱਖ ਵੱਖ ਪਿੰਡਾਂ ਦੇ ਅਹੁਦੇਦਾਰ, ਚੇਅਰਮੈਨ , ਐੱਮ ਸੀ ਸਾਹਿਬਾਨ, ਸਰਪੰਚ-ਪੰਚ , ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ,ਵੱਖ-ਵੱਖ ਐਸੋਸੀਏਸ਼ਨਾ ਦੇ ਪ੍ਰਧਾਨ -ਮੈਂਬਰ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।